ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 13 ਅਗਸਤ
ਇੱਥੇ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ’ਤੇ ਸਥਿਤ ਸੇਠੀ ਢਾਬੇ ਦੇ ਮਾਲਕ ਵਿਜੈ ਕੁਮਾਰ ਉਰਫ਼ ਸੋਨੂ ਸੇਠੀ ਖ਼ਿਲਾਫ਼ ਸਿੱਖ ਜਥੇਬੰਦੀਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਦੀਆਂ ਤੁਕਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲਾਉਂਦਿਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ ਹੈ।
ਸੋਨੂ ਸੇਠੀ ਵੱਲੋਂ ਆਪਣੇ ਢਾਬੇ ਤੇ ਬੁੱਧਵਾਰ ਨੂੰ ਔਰਤਾਂ ਲਈ ਰੱਖੇ ਤੀਆਂ ਦੇ ਤਿਉਹਾਰ ਮੌਕੇ ਪਵਿੱਤਰ ਗੁਰਬਾਣੀ ਦੀਆਂ ਤੁਕਾਂ ’ਤੇ ਗਿੱਧਾ ਪਾਉਂਦੀਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਸੀ ਜਿਸ ਨੂੰ ਦੇਖਣ ਤੋਂ ਬਾਅਦ ਅਕਾਲ ਯੂਥ ਜਥੇਬੰਦੀ ਦੇ ਜਸਵਿੰਦਰ ਸਿੰਘ ਰਾਜਪੁਰਾ ਨੇ ਪੁਲੀਸ ਨੂੰ ਸ਼ਿਕਾਇਤ ਕਰ ਕੇ ਇਸ ਸਬੰਧੀ ਕਾਰਵਾਈ ਦੀ ਮੰਗ ਕੀਤੀ ਸੀ। ਪੁਲੀਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਸੋਨੂ ਸੇਠੀ ਖ਼ਿਲਾਫ਼ ਧਾਰਾ 295-ਏ ਸਮੇਤ ਹੋਰ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 2020 ਵਿੱਚ ਕਰੋਨਾ ਕਾਲ ਵਿੱਚ ਵੀ ਸੋਨੂ ਸੇਠੀ ’ਤੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਹਿੰਦੂ ਦੇਵੀ-ਦੇਵਤਿਆਂ ਦਾ ਭੇਸ਼ ਧਾਰਨ ਕਰ ਕੇ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਸਨ।
ਉੱਧਰ, ਇਸ ਸਬੰਧੀ ਸੋਨੂ ਸੇਠੀ ਨੇ ਕਿਹਾ ਕਿ ਉਸ ਨੂੰ ਇਸ ਸਬੰਧੀ ਗਿਆਨ ਨਹੀਂ ਸੀ ਅਤੇ ਉਸ ਵੱਲੋਂ ਇਸ ਗਲਤੀ ਲਈ ਬਾਕਾਇਦਾ ਮੁਆਫ਼ੀ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦਾ ਹੈ ਅਤੇ ਹਰੇਕ ਧਾਰਮਿਕ ਸਮਾਗਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦਾ ਹੈ।