ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਸਤੰਬਰ
ਜੰਗਲਾਤ ਵਿਭਾਗ ਵੱਲੋਂ ਮਾਲ ਵਿਭਾਗ ਨਾਲ ਮਿਲ ਕੇ ਕਥਿਤ ਗ਼ੈਰ ਕਾਨੂੰਨੀ ਢੰਗ ਨਾਲ ਸ਼ਾਮਲਾਟ, ਕਿਸਾਨਾਂ ਸਣੇ ਮਾਲਕਾਨਾ ਕਰੀਬ 27,550 ਏਕੜ ਜ਼ਮੀਨ ਦਾ ਇੰਤਕਾਲ ਆਪਣੇ ਨਾਂ ਕਰਵਾਉਣ ਅਤੇ ਜ਼ਮੀਨਾਂ ਦੇ ਕਬਜ਼ੇ ਲੈਣ ਦਾ ਮਾਮਲਾ ਭਖ ਗਿਆ ਹੈ। ਪੀੜਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਮੁਹਾਲੀ ਸਥਿਤ ਵਿਜੀਲੈਂਸ ਭਵਨ ਵਿਚ ਵਿਭਾਗ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨਾਲ ਮੁਲਾਕਾਤ ਕਰ ਕੇ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਵਿਜੀਲੈਂਸ ਮੁਖੀ ਨੇ ਵਫ਼ਦ ਜਾਂਚ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰੰਧਾਵਾ ਅਤੇ ਹੋਰਨਾਂ ਨੇ ਦੱਸਿਆ ਕਿ ਜੰਗਲਾਤ ਵਿਭਾਗ ਨੇ ਤਹਿਸੀਲ ਧਾਰ ਕਲਾਂ (ਪਠਾਨਕੋਟ) ਖੇਤਰ ਵਿੱਚ ਪੈਂਦੀ 27,550 ਏਕੜ ਸ਼ਾਮਲਾਟ ਸਣੇ ਮਾਲਕਾਨਾ ਜ਼ਮੀਨ ਦਾ ਬਿਨਾਂ ਨੋਟੀਫਿਕੇਸ਼ਨ ਅਤੇ ਜ਼ਮੀਨਾਂ ਦੇ ਮੁਆਵਜ਼ੇ ਦਾ ਭੁਗਤਾਨ ਕੀਤੇ ਬਿਨਾਂ ਮਾਲਕੀ ਇੰਤਕਾਲ ਆਪਣੇ ਨਾਮ ਕਰਵਾ ਲਿਆ ਹੈ। ਉਨ੍ਹਾਂ ਨੇ ਕਈ ਅਧਿਕਾਰੀਆਂ ’ਤੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਦਾ ਦੋਸ਼ ਲਾਇਆ ਹੈ।
ਇਸ ਦੌਰਾਨ ਗੱਲਬਾਤ ਕਰਦਿਆਂ ਸ੍ਰੀ ਰੰਧਾਵਾ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਕਾਰਵਾਈ ਦਾ ਉਦੋਂ ਪਤਾ ਲੱਗਾ ਜਦੋਂ ਅਧਿਕਾਰੀ ਜ਼ਮੀਨ ਦਾ ਕਬਜ਼ਾ ਲੈਣ ਪਹੁੰਚ ਗਏ। ਇਸ ਦਾ ਗਰਾਮ ਪੰਚਾਇਤਾਂ ਅਤੇ ਪੀੜਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਤਿੱਖਾ ਵਿਰੋਧ ਕੀਤਾ।
ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਇਸ ਸਮੁੱਚੇ ਮਾਮਲੇ ਦੇ ਪਿੱਛੇ ਭੂ-ਮਾਫੀਆ ਦਾ ਹੱਥ ਜਾਪਦਾ ਹੈ।
ਵਫ਼ਦ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਪੀੜਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ।