ਸੁਖਨਾ ਝੀਲ ’ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਾਰਨ ਇੱਕ ਫਲੱਡ ਗੇਟ ਖੋਲ੍ਹਿਆ
ਚੰਡੀਗੜ੍ਹ ਅਤੇ ਇਸ ਦੇ ਆਲੇ ਦੁਆਲੇ ਇਲਾਕਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਰ ਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 'ਤੇ 1163 ਫੁੱਟ ਤੱਕ ਪਹੁੰਚ ਗਿਆ ਹੈ। ਪਾਣੀ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਰਕੇ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਰੈਗੂਲੇਟਰੀ ਸਿਰੇ ਉੱਤੇ ਸਥਿਤ ਇੱਕ ਫਲੱਡ ਗੇਟ ਖੋਲ੍ਹ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਅੱਜ ਸਵੇਰੇ ਪਾਣੀ ਦਾ ਪੱਧਰ 1163 ਫੁੱਟ ’ਤੇ ਪਹੁੰਚ ਗਿਆ ਸੀ, ਜਿਸ ਕਰ ਕੇ ਯੂਟੀ ਪ੍ਰਸ਼ਾਸਨ ਨੇ ਸਵੇਰੇ 11 ਵਜੇ ਦੇ ਕਰੀਬ ਇੱਕ ਫਲੱਡ ਗੇਟ ਨੂੰ ਛੇ ਇੰਚ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਯੂਟੀ ਪ੍ਰਸ਼ਾਸਨ ਨੇ ਸੁਖਨਾ ਚੋਅ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਅਲਰਟ ਵੀ ਜਾਰੀ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਚੋਅ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪਾਣੀ ਕੰਟਰੋਲ ਹੇਠ ਨਹੀਂ ਆਉਂਦਾ ਉਦੋਂ ਤੱਕ ਇਹ ਗੇਟ ਖੁੱਲ੍ਹਾ ਰਹੇਗਾ। ਗ਼ੌਰਤਲਬ ਹੈ ਕਿ ਸ਼ਿਵਾਲਿਕ ਦੀਆਂ ਪਹਾੜੀਆਂ ਵਿਚੋਂ ਉਗਮਦਾ ਸੁਖਨਾ ਚੋਅ ਝੀਲ ਤੋਂ ਅਗਾਂਹ ਜਾ ਕੇ ਜ਼ੀਰਕਪੁਰ ਤੇ ਡੇਰਾਬੱਸੀ ਦੇ ਵਿਚਕਾਰ ਘੱਗਰ ਦਰਿਆ ਵਿਚ ਡਿੱਗਦਾ ਹੈ।