ਆਤਿਸ਼ ਗੁਪਤਾ
ਚੰਡੀਗੜ੍ਹ, 17 ਮਾਰਚ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅਤੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਵੱਲੋਂ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਸੈਕਟਰ-24 ਵਿਚਲੇ ਇੰਦਰਾ ਹੋਲੀਡੇਅ ਹੋਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਕ ਨੇ ਹੋਲੀਡੇਅ ਹੋਮ ਵਿੱਚ ਰਹਿ ਰਹੇ ਵਿਅਕਤੀਆਂ ਦੇ ਰਹਿਣ ਅਤੇ ਖਾਣ-ਪੀਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਸਾਲ 1966 ਵਿੱਚ ਭਾਰਤੀ ਰੇਲਵੇ ਵੱਲੋਂ ਸੁਸਾਇਟੀ ਨੂੰ ਤੋਹਫ਼ੇ ਵਜੋਂ ਦਿੱਤੀ ਗਈ ਖਿਡੌਣਾ ਰੇਲ ਗੱਡੀ ਨੂੰ ਮੁੜ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰੇਲਵੇ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਇਹ ਰੇਲ ਗੱਡੀ ਸਾਲ 2006 ਤੱਕ ਚੱਲ ਰਹੀ ਸੀ।
ਪ੍ਰਸ਼ਾਸਕ ਨੇ ਸ਼ਹਿਰ ਵਿਚ ਰਹਿਣ ਵਾਲੇ ਮਾਨਸਿਕ ਤੌਰ ’ਤੇ ਕਮਜ਼ੋਰ ਵਿਅਕਤੀਆਂ ਲਈ ਸੈਕਟਰ-34 ਵਿੱਚ 1.25 ਏਕੜ ਥਾਂ ’ਤੇ ਗਰੁੱਪ ਹੋਮ ਸਥਾਪਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਤੌਰ ’ਤੇ ਕਮਜ਼ੋਰ ਵਿਅਕਤੀਆਂ ਦੇ ਰਹਿਣ ਲਈ ਸੈਕਟਰ-34 ਵਿੱਚ ਗਰੁੱਪ ਹੋਮ ਤਿਆਰ ਕੀਤਾ ਜਾਵੇਗਾ, ਜਿਸ ਦਾ ਨੀਂਹ ਪੱਥਰ ਦੋ ਮਹੀਨਿਆਂ ਵਿੱਚ ਰੱਖ ਦਿੱਤਾ ਜਾਵੇਗਾ। ਸ੍ਰੀ ਪੁਰੋਹਿਤ ਨੇ ਕਿਹਾ ਕਿ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀਆਂ ਦੇ ਮਾਪਿਆਂ ਵੱਲੋਂ ਗਰੁੱਪ ਹੋਮ ਦੀ ਸਥਾਪਨਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਤੁਰੰਤ ਸੁਣਵਾਈ ਕਰਦਿਆਂ ਮਲੋਆ ਵਿੱਚ ਸਥਿਤ ਚੰਡੀਗੜ੍ਹ ਹਾਊਸਿੰਗ ਬੋਰਡ ਦੇ 16 ਫਲੈਟਾਂ ਨੂੰ ਆਰਜ਼ੀ ਤੌਰ ’ਤੇ ਤਿਆਰ ਕੀਤਾ ਜਾ ਰਿਹਾ ਹੈ। ਇਨ੍ਹਾਂ ਫਲੈਟਾਂ ਨੂੰ ਦੋ ਮਹੀਨਿਆਂ ਵਿੱਚ ਤਿਆਰ ਕਰ ਕੇ ਪ੍ਰਸ਼ਾਸਨ ਦੇ ਹਵਾਲੇ ਕੀਤਾ ਜਾਵੇਗਾ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਮਾਨਸਿਕ ਤੌਰ ’ਤੇ ਕਮਜ਼ੋਰ ਵਿਅਕਤੀਆਂ ਦੀ ਮਦਦ ਲਈ ਤਿਆਰ ਕੀਤੇ ਜਾਣ ਵਾਲੇ ਗਰੁੱਪ ਹੋਮ ਵਿੱਚ ਮੈਡੀਕਲ ਸਹੂਲਤਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ, ਜਿੱਥੇ ਡਾਕਟਰ, ਨਰਸਾਂ, ਕੌਂਸਲਰ, ਸੋਸ਼ਲ ਵਰਕਰ ਆਦਿ ਹਰ ਸਮੇਂ ਹਾਜ਼ਰ ਰਹਿਣਗੇ। ਇਸ ਤਰ੍ਹਾਂ ਮਾਨਸਿਕ ਸਿਹਤ ਸੰਭਾਲ ਐਕਟ-2017 ਤਹਿਤ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਪ੍ਰਸ਼ਾਸਨ ਨੇ ਇਕੱਠ ਸਬੰਧੀ ਰੋਕਾਂ ਹਟਾਈਆਂ
ਚੰਡੀਗੜ੍ਹ (ਟ.ਨ.ਸ): ਸਿਟੀ ਬਿਊਟੀਫੁੱਲ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਦੇ ਨਾਲ ਹੀ ਯੂਟੀ ਪ੍ਰਸ਼ਾਸਨ ਨੇ ਸਾਰੀਆਂ ਪਾਬੰਦੀਆਂ ਹਟਾ ਲਈਆਂ ਹਨ। ਅੱਜ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਇਕੱਠ ਸਬੰਧੀ ਲਗਾਈ ਗਈ ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਇਹ ਆਦੇਸ਼ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਅੰਦਰੁਨੀ ਅਤੇ ਬਾਹਰੀ ਇਕੱਠ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਆਦੇਸ਼ 18 ਮਾਰਚ ਤੋਂ ਹੀ ਲਾਗੂ ਕੀਤੇ ਜਾਣਗੇ।