ਅਜੇ ਮਲਹੋਤਰਾ
ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 12 ਸਤੰਬਰ
ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅੱਜ ਕਿਸਾਨਾਂ ਦਾ ਇੱਕ ਵੱਡਾ ਕਾਫ਼ਲਾ ਦਿੱਲੀ ਮੋਰਚੇ ’ਚ ਸ਼ਾਮਲ ਹੋਣ ਲਈ ਨੌਜਵਾਨ ਆਗੂ ਲੱਖਾ ਸਿਧਾਣਾ ਅਤੇ ਅਮਰਿੰਦਰ ਸਿੰਘ ਲਬਿੜਾ ਦੀ ਅਗਵਾਈ ਹੇਠ ਰਵਾਨਾ ਹੋਇਆ। ਲੱਖਾ ਸਿਧਾਣਾ ਨੇ ਕਿਹਾ ਕਿ ਲੋਕਾਂ ਨੂੰ ਇਕਜੁਟ ਅਤੇ ਸਿਆਸੀ ਆਗੂਆਂ ਦੀਆਂ ਚਾਲਾਂ ਤੋਂ ਸਾਵਧਾਨ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚੰਗੇ ਭਵਿੱਖ ਲਈ ਬਦਲਾਅ ਜ਼ਰੂਰੀ ਹੈ ਤੇ ਚੰਗੇ ਕਿਰਦਾਰ ਵਾਲੇ ਵਿਅਕਤੀਆਂ ਨੂੰ ਅੱਗੇ ਲਿਆ ਕੇ ਹੀ ਪੰਜਾਬ ਵਾਸੀਆਂ ਦੇ ਭਵਿੱਖ ਨੂੰ ਸੰਵਾਰਨ ਦੀ ਆਸ ਕੀਤੀ ਜਾ ਸਕਦੀ ਹੈ। ਕਿਸਾਨ ਜਥੇਬੰਦੀਆਂ ਦੀ ਕਰਨਾਲ ਵਿੱਚ ਹੋਈ ਜਿੱਤ ਨੂੰ ਉਨ੍ਹਾਂ ਸੈਮੀ-ਫਾਈਨਲ ਕਰਾਰ ਦਿੱਤਾ।
ਲਾਲੜੂ (ਪੱਤਰ ਪ੍ਰੇਰਕ): ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਆਈ.ਟੀ.ਆਈ ਚੌਕ ਨੇੜੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਜਾ ਰਹੇ ਲੜੀਵਾਰ ਰੋਸ ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਪਿੱਪਲੀ ਹਰਿਆਣਾ ਤੋਂ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਨੇ ਸ਼ਿਰਕਤ ਕੀਤੀ ਤੇ ਰੋਸ ਧਰਨਾ ਦੇ ਰਹੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕੀਤੀ।