ਜੜੋਤ, ਧੀਰੇਮਾਜਰਾ ਤੇ ਮੀਰਪੁਰਾ ਤੋਂ ਵੱਡੀ ਗਿਣਤੀ ਲੋਕ ਭਾਜਪਾ ’ਚ ਸ਼ਾਮਲ
ਲਾਲੜੂ/ਡੇਰਾਬਸੀ (ਸਰਬਜੀਤ ਸਿੰਘ ਭੱਟੀ/ਹਰਜੀਤ ਸਿੰਘ): ਹਲਕਾ ਡੇਰਾਬਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਬੂਥ ਪੱਧਰ ’ਤੇ ਚਲਾਈ ਜਾ ਰਹੀ ਮੁਹਿੰਮ ਨੂੰ ਵਧੀਆ ਸਮਰਥਨ ਮਿਲ ਰਿਹਾ ਹੈ। ਸੈਣੀ ਦੀ ਅਗਵਾਈ ਹੇਠ ਪਿੰਡ ਜੜੋਤ, ਧੀਰੇਮਾਜਰਾ ਅਤੇ ਮੀਰਪੁਰਾ ਤੋਂ ਵੱਡੀ ਗਿਣਤੀ ਲੋਕ ਦੂਜੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਸੈਣੀ ਨੇ ਨਵੇਂ ਵਰਕਰਾਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਵੇਗੀ।
ਸ੍ਰੀ ਸੈਣੀ ਨੇ ਕਿਹਾ ਕਿ ਲੋਕਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ਦਾ ਰੁਝਾਨ ਦਰਸਾਉਂਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਨੀਤੀਆਂ ’ਤੇ ਲੋਕ ਪੂਰਾ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਦੱਸਿਆ ਕਿ ਨਿਰੰਤਰ ਵਧ ਰਿਹਾ ਇਹ ਪਰਿਵਾਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰ ਰਿਹਾ ਹੈ ਅਤੇ ਕਾਡਰ ਵਿੱਚ ਨਵਾਂ ਉਤਸ਼ਾਹ ਭਰ ਰਿਹਾ ਹੈ। ਸੈਣੀ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਹੀ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਖ਼ਾਸ ਕਰ ਪੇਂਡੂ ਵਿਕਾਸ ਸਬੰਧੀ ਯੋਜਨਾਵਾਂ ਬਾਰੇ। ਉਨ੍ਹਾਂ ਭਰੋਸਾ ਜਤਾਇਆ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਤੇ ਪਿੰਡਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਿਆ ਜਾਵੇਗਾ।
ਇਸ ਦੌਰਾਨ ਕਈ ਸਥਾਨਕ ਆਗੂ ਵੀ ਮੌਜੂਦ ਸਨ।
