ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 19 ਅਪਰੈਲ
ਪਿੰਡ ਰੁੜਕਾ ਵਿੱਚ ਬੀਤੇ ਦਿਨੀਂ ਹੋਏ ਝਗੜੇ ਸਬੰਧੀ ਮਿਲੀ ਸ਼ਿਕਾਇਤ ਦੀ ਜਾਂਚ ਲਈ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਰਾਜ ਕੁਮਾਰ ਹੰਸ ਮੁਹਾਲੀ ਪਹੁੰਚੇ। ਟੀਮ ਨੇ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਪੀੜਤ ਪਰਿਵਾਰ ਦੀ ਖ਼ਬਰ-ਸਾਰ ਲਈ ਅਤੇ ਘਟਨਾਕ੍ਰਮ ਬਾਰੇ ਪੁੱਛ ਪੜਤਾਲ ਕੀਤੀ।
ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਪਿਛਲੇ ਦਿਨੀਂ ਕਮਿਸ਼ਨ ਦੇ ਦਫ਼ਤਰ ਵਿੱਚ ਪਿੰਡ ਰੁੜਕਾ ’ਚ ਝਗੜਾ ਹੋਣ ਸਬੰਧੀ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੇ ਅੱਜ ਇੱਥੇ ਪਹੁੰਚ ਕੇ ਮਾਮਲੇ ਦੀ ਪੜਤਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐੱਸਸੀ ਭਾਈਚਾਰੇ ਨਾਲ ਸਬੰਧਤ ਪਰਿਵਾਰ ਵੱਲੋਂ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਜਰਨਲ ਵਰਗ ਨਾਲ ਸਬੰਧਤ ਕੁੱਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ’ਤੇ ਹਮਲਾ ਕੀਤਾ ਗਿਆ, ਜਾਤੀਸੂਚਕ ਸ਼ਬਦ ਕਹੇ ਗਏ ਅਤੇ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆ ਕਮਿਸ਼ਨ ਵੱਲੋਂ ਅੱਜ ਇੱਥੇ ਪਹੁੰਚ ਕੇ ਘਟਨਾਕ੍ਰਮ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਗਰੀਬ ਵਰਗ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਅਤੇ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਕਮਿਸ਼ਨ ਵਚਨਬੱਧ ਹੈ। ਕਮਿਸ਼ਨ ਦੇ ਮੈਂਬਰਾਂ ਨੇ ਜ਼ਿਲ੍ਹਾ ਪੁਲੀਸ ਨੂੰ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਐੱਸਸੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਛੇਤੀ ਗ੍ਰਿਫ਼ਤਾਰ ਕਰਨ ਦੀ ਹਦਾਇਕ ਕੀਤੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਰਿਪੋਰਟ ਸ਼ੁੱਕਰਵਾਰ ਨੂੰ ਨਿੱਜੀ ਤੌਰ ’ਤੇ ਕਮਿਸ਼ਨ ਦੇ ਦਫ਼ਤਰ ਵਿੱਚ ਹਾਜ਼ਰ ਹੋ ਕੇ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਵੱਲੋਂ ਪੇਸ਼ ਕੀਤੀ ਗਈ ਐੱਮਐੱਲਆਰ ਰਿਪੋਰਟ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੇ ਮੈਂਬਰ ਇਸ ਰਿਪੋਰਟ ਦੀ ਜਾਂਚ ਕਰਨਗੇ ਅਤੇ ਜੇਕਰ ਰਿਪੋਰਟ ਗਲਤ ਪਾਈ ਜਾਂਦੀ ਹੈ ਤਾਂ ਸਬੰਧਤ ਡਾਕਟਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੁਹਾਲੀ ਦੇ ਐੱਸਡੀਐੱਮ ਹਰਬੰਸ ਸਿੰਘ, ਡੀਐੱਸਪੀ ਮਨਜੀਤ ਸਿੰਘ ਬਾਜਵਾ, ਐੱਸਐੱਮਓ ਡਾ. ਵਿਜੈ ਭਗਤ, ਜ਼ਿਲ੍ਹਾ ਭਲਾਈ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ ਹਾਜ਼ਰ ਸਨ।