ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਜੂਨ
ਅੱਜ ਇੱਥੋਂ ਦੇ ਸੈਕਟਰ-78 ਸਥਿਤ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ ਨੇੜੇ ਖਾਲੀ ਪਲਾਟ ’ਚੋਂ ਖਿਡੌਣਾ ਪਿਸਤੌਲ ਅਤੇ ਨਸ਼ੇ ਦੇ ਟੀਕੇ ਮਿਲੇ ਹਨ। ਇਹ ਸਾਰੀਆਂ ਵਸਤਾਂ ਪਲਾਸਟਿਕ ਦੇ ਲਿਫ਼ਾਫ਼ੇ ਵਿੱਚ ਪਈਆਂ ਸਨ। ਮੇਅਰ ਨੇ ਖ਼ੁਦ ਪੁਲੀਸ ਨੂੰ ਫੋਨ ਕਰਕੇ ਮੌਕੇ ’ਤੇ ਸੱਦਿਆ। ਪੁਲੀਸ ਨੇ ਖਿਡੌਣਾ ਪਿਸਤੌਲ ਅਤੇ ਬਾਕੀ ਸਾਮਾਨ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਪਿਸਤੌਲ ਨਕਲੀ ਹੈ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਸੁਰੱਖਿਆ ਵਿਵਸਥਾ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਫੇਜ਼-7 ਸਥਿਤ ਘਰ ਵਿੱਚ ਰਾਤ ਵੇਲੇ ਕਿਸੇ ਅਣਪਛਾਤੇ ਵਿਅਕਤੀ ਨੇ ਗੁਆਂਢੀਆਂ ਦੀ ਕੰਧ ’ਤੇ ਚੜ੍ਹ ਕੇ ਸਿੱਧੂ ਦੇ ਘਰ ਅੰਦਰ ਦਾਖ਼ਲ ਹੋਣ ਦਾ ਯਤਨ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱਚ ਨਕਾਬਪੋਸ਼ ਵਿਅਕਤੀ ਸਾਫ਼ ਦਿਖਾਈ ਦੇ ਰਿਹਾ ਹੈ। ਖੜਕਾ ਹੋਣ ’ਤੇ ਪਰਿਵਾਰਕ ਮੈਂਬਰਾਂ ਨੂੰ ਜਾਗ ਆ ਗਈ। ਇਸ ਕਾਰਨ ਕੋਈ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਵੀ ਪੁਲੀਸ ਨੂੰ ਦਿੱਤੀ ਗਈ ਸੀ।
ਮੇਅਰ ਜੀਤੀ ਸਿੱਧੂ ਨੇ ਮੰਗ ਕੀਤੀ ਕਿ ਸ਼ਹਿਰ ਵਿੱਚ ਪੁਲੀਸ ਦੀ ਗਸ਼ਤ ਵਧਾਈ ਜਾਣੀ ਚਾਹੀਦੀ ਹੈ।