ਕਾਂਗਰਸ ਤੇ ਕਿਸਾਨਾਂ ਦੇ ਸੰਘਰਸ਼ ਕਾਰਨ ‘ਆਪ’ ਨੇ ਗੋਡੇ ਟੇਕੇ: ਸਿੱਧੂ
ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਦੀ ਵਾਪਸੀ ਨੂੰ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਸਾਨਾਂ ਅਤੇ ਕਾਂਗਰਸ ਪਾਰਟੀ ਵੱਲੋਂ ਕੀਤੀ ਲੰਮੀ ਲੜਾਈ ਦੀ ਵੱਡੀ ਜਿੱਤ ਆਖਿਆ ਹੈ। ਉਨ੍ਹਾਂ ਕਿਹਾ ਇਹ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਹਰ ਵਿਅਕਤੀ ਲਈ ਇੱਕ ਬਹੁਤ ਵੱਡੀ ਪ੍ਰਾਪਤੀ ਹੈ।
ਪਾਲਿਸੀ ਰੱਦ ਹੋਣ ਦੀ ਖ਼ੁਸ਼ੀ ਵਿੱਚ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਜਸ਼ਨ ਮਨਾਉਣ ਲਈ ਜਾਣ ਤੋਂ ਪਹਿਲਾਂ ਮੁਹਾਲੀ ਦੇ ਫੇਜ਼ ਪਹਿਲਾ ਦੇ ਪਾਰਟੀ ਦਫ਼ਤਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਬਣ ਕੇ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਇਹ ਜਿੱਤ ਕਾਂਗਰਸ ਪਾਰਟੀ ਅਤੇ ਕਿਸਾਨ ਭਾਈਚਾਰੇ ਦੀ ਅਟੁੱਟ ਇਕਜੁੱਟਤਾ ਦਾ ਨਤੀਜਾ ਹੈ, ਉਹ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਤੋਂ ਪਿੱਛੇ ਨਹੀਂ ਹਟਣਗੇ।
ਉਨ੍ਹਾਂ ਕਿਹਾ ਕਿ ਇਹ ਪਾਲਿਸੀ ਵਾਪਸੀ ਸਿਰਫ਼ ਇੱਕ ਨੀਤੀ ਦਾ ਖ਼ਤਮ ਹੋਣਾ ਨਹੀਂ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੀ ਜਿੱਤ ਦਾ ਪ੍ਰਤੀਕ ਹੈ। ਕਾਂਗਰਸ ਪਾਰਟੀ ਵਾਅਦਾ ਕਰਦੀ ਹੈ ਕਿ ਅੱਗੇ ਵੀ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਵਿਕਾਸ ਲਈ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਾਡਾ ਮੁੱਖ ਕਰਮ ਹੈ।