ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੁਲਾਈ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ’ਤੇ ਪੁਲੀਸ ਵੱਲੋਂ ਕੀਤੀ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੱਚੇ ਅਧਿਆਪਕਾਂ ’ਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ, ਔਰਤਾਂ ਦੇ ਕੱਪੜੇ ਫਾੜਨਾ ਅਤੇ ਡਾਗਾਂ ਦੀ ਵਰਤੋਂ ਕਰਨਾ ਬਹੁਤ ਨਿੰਦਣਯੋਗ ਹੈ। ‘ਆਪ’ ਆਗੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੰਘਰਸ਼ ਕਰ ਰਹੇ ਅਧਿਆਪਕਾਂ ’ਤੇ ਪੁਲੀਸ ਅੱਤਿਆਚਾਰ ਬੰਦ ਕੀਤਾ ਜਾਵੇ ਅਤੇ ਅਧਿਆਪਕਾਂ ਦੀ ਮੰਗਾਂ ਮੰਨ ਕੇ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ।