ਦਲਿਤਾਂ ਦੇ ਮੁੱਦੇ ’ਤੇ ‘ਆਪ’ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ
AAP delegation meets Governor: ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਦਲਿਤਾਂ ’ਤੇ ਅੱਤਿਆਚਾਰ ਦੇ ਮਾਮਲੇ ’ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ।
ਵਫ਼ਦ ਨੇ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦਾ ਮਾਮਲਾ ਉਠਾਇਆ ਅਤੇ ਹਰਿਆਣਾ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ।
ਵਿੱਤ ਮੰਤਰੀ ਨੇ ਦੱਸਿਆ ਕਿ ਭਾਜਪਾ ਸਰਕਾਰ ਨੇ ਦੇਸ਼ ਭਰ ’ਚ ਦਲਿਤਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ ਅਤੇ ਭਾਜਪਾ ਦੀ ਹਕੂਮਤ ਵਾਲੇ ਸੂਬਿਆਂ ’ਚ ਦਲਿਤਾਂ ’ਤੇ ਅੱਤਿਆਚਾਰ ਵਧੇ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ ’ਚ ਵੀ ਦਲਿਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਇਸ ਮੁਹਿੰਮ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਲਹਿਰ ਚਲਾਈ ਜਾਵੇਗੀ।
ਉਨ੍ਹਾਂ ਏਡੀਜੀਪੀ ਦੀ ਖ਼ੁਦਕੁਸ਼ੀ ਦੇ ਮਾਮਲੇ ’ਚ ਇਨਸਾਫ਼ ਮੰਗਿਆ ਅਤੇ ਗਵਰਨਰ ਨੂੰ ਮੈਮੋਰੰਡਮ ਦੇ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਚੀਮਾ ਨੇ ਕਿਹਾ ਕਿ ਜੇਕਰ ਨਿਆਂ ਨਾ ਮਿਲਿਆ ਤਾਂ ਭਾਜਪਾ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।