ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 2 ਫਰਵਰੀ
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਹੂੰਝਾ-ਫੇਰ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿੱਚ ਅਗਲੀ ਸਰਕਾਰ ‘ਆਪ’ ਦੀ ਬਣੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਇਨਸਾਫ਼ ਲਈ ਧਰਨੇ, ਰੈਲੀਆਂ ਕਰਨ ਦੀ ਲੋੜ ਨਹੀਂ ਪਵੇਗੀ ਕਿਉਂਕਿ ਸਰਕਾਰੀ ਖ਼ਜ਼ਾਨੇ ਦੀ ਲੁੱਟ ਨੂੰ ਬੰਦ ਕਰਕੇ ਖ਼ਜ਼ਾਨੇ ਦਾ ਮੂੰਹ ਆਮ ਲੋਕਾਂ ਵੱਲ ਖੋਲ੍ਹਿਆ ਜਾਵੇਗਾ। ਕੁਲਵੰਤ ਸਿੰਘ ਨੇ ਅੱਜ ਮੁਹਾਲੀ ਦੇ ਵੱਖ-ਵੱਖ ਪਿੰਡਾਂ ਚੋਣ ਮੀਟਿੰਗਾਂ ਕੀਤੀਆਂ ਅਤੇ ਸ਼ਹਿਰੀ ਖੇਤਰ ਵਿਚ ਘਰ-ਘਰ ਜਾ ਕੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਮੁਹਾਲੀ ਵਾਸੀਆਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਸਿਫ਼ਾਰਸ਼ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ‘ਆਪ’ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਤਿਆਰ ਹੈ। ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕੀਤੀ ਜਾਵੇਗੀ। ਕੁਲਵੰਤ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੇ ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ‘ਆਪ’ ਦੀਆਂ ਚੋਣ ਮੀਟਿੰਗਾਂ ਵਿੱਚ ਸ਼ਮੂਲੀਅਤ ਕਰ ਰਹੇ ਹਨ।