ਹਰਜੀਤ ਸਿੰਘ
ਡੇਰਾਬੱਸੀ, 22 ਅਪਰੈਲ
ਪਟਿਆਲਾ ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪਾਰਟੀ ਦੇ ਵਿਧਾਇਕਾਂ ਨਾਲ ਅੱਜ ਦਿੱਲੀ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪਾਰਟੀ ਦੇ ਸਹਿ-ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵਿਧਾਇਕਾਂ ਨੇ ਭਰੋਸਾ ਦਿੱਤਾ ਕਿ ਇਸ ਔਖੀ ਘੜੀ ਵਿੱਚ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਹਨ।
ਇਸ ਸਬੰਧੀ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਆਗੂਆਂ ਨੇ ਸੁਨੀਤਾ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਡੱਕਣ ਖ਼ਿਲਾਫ਼ ਪੰਜਾਬ ਵਿੱਚ ਵੀ ਰੋਸ ਹੈ। ਉਨ੍ਹਾਂ ਕਿਹਾ ਭਾਜਪਾ ਦੀ ਇਸ ਧੱਕੇਸ਼ਾਹੀ ਦਾ ਜਵਾਬ ਵੋਟ ਨਾਲ ਦਿੱਤਾ ਜਾਏਗਾ। ਸਾਰੇ ਆਗੂਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਈਆਂ ਜਾਣਗੀਆਂ।
ਸ੍ਰੀ ਰੰਧਾਵਾ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਰਟੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਲੋਕ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਲੋਕਾਂ ਲਈ ਲੜ ਰਹੇ ਹਨ ਜਿਸ ਤੋਂ ਭਾਜਪਾ ਡਰਦੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣਾ ਭਾਜਪਾ ਨੂੰ ਮਹਿੰਗਾ ਪਵੇਗਾ। ਜਨਤਾ ਦਿੱਲੀ ਅਤੇ ਪੰਜਾਬ ’ਚ ਵੋਟਾਂ ਪਾ ਕੇ ਜੇਲ੍ਹ ਦਾ ਜਵਾਬ ਦੇਵੇਗੀ। ਇਸ ਮੌਕੇ ਸਮੂਹ ਵਿਧਾਇਕਾਂ ਸਮੇਤ ਵੱਖ ਵੱਖ ਬੋਰਡਾਂ ਦੇ ਚੇਅਰਮੈਨ ਅਤੇ ਪਾਰਟੀ ਵਰਕਰ ਹਾਜ਼ਰ ਸਨ।