ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਕਤੂਬਰ
ਦੇਸ਼ ’ਚ ਪੈਟਰੋਲ, ਡੀਜ਼ਲ, ਰਸੋਈ ਗੈਸ, ਸਬਜ਼ੀਆਂ ਅਤੇ ਦਾਲਾਂ ਦੇ ਭਾਅ ’ਚ ਲਗਾਤਾਰ ਹੋ ਰਹੇ ਵਾਧੇ ਖ਼ਿਲਾਫ਼ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਦਰਜਨ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਿਨ੍ਹਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ, ਹਰਮੋਹਨ ਧਵਨ, ਚੰਦਰਮੁਖ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ। ‘ਆਪ’ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਤੇ ਮਹਿੰਗਾਈ ’ਤੇ ਨੱਥ ਪਾਉਣ ਦੀ ਮੰਗ ਕੀਤੀ।
‘ਆਪ’ ਆਗੂ ਪ੍ਰਦੀਪ ਛਾਬੜਾ, ਜਨਰਲ ਸਕੱਤਰ ਵਿਜੈਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਰਾਜ ’ਚ ਪੈਟਰੋਲ, ਡੀਜ਼ਲ, ਗੈਸ ਸਿਲੰਡਰ ਅਤੇ ਖਾਣ ਵਾਲੇ ਪਦਾਰਥਾਂ ਦੀਆਂ ਕੀਮਤਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2014 ਤੋਂ ਪਹਿਲਾਂ ਭਾਜਪਾ ਆਗੂ ਮਹਿੰਗਾਈ ਖ਼ਿਲਾਫ਼ ਵੱਡੇ-ਵੱਡੇ ਧਰਨੇ ਦਿੰਦੇ ਸਨ ਪਰ ਅੱਜ ਭਾਜਪਾ ਆਗੂ ਮਹਿੰਗਾਈ ਖ਼ਿਲਾਫ਼ ਬੋਲਣ ਲਈ ਤਿਆਰ ਨਹੀਂ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ’ਚ ਲੱਗੀ ਹੋਈ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਦੇਸ਼ ’ਚ ਮਹਿੰਗਾਈ ਘੱਟ ਨਹੀਂ ਹੋਵੇਗੀ ਉਦੋਂ ਤੱਕ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਲੋਕ ਮੋਦੀ ਸਰਕਾਰ ਦੀਆਂ ਝੂਠੀਆਂ ਨੀਤੀਆਂ ਨੂੰ ਪਛਾਣ ਚੁੱਕੇ ਹਨ ਜੋ ਚੋਣਾਂ ਦੌਰਾਨ ਸਰਕਾਰ ਨੂੰ ਮੂੰਹਤੋੜਵਾਂ ਜਵਾਬ ਦੇਣਗੇ।
ਕੈਪਸ਼ਨ-
ਆਮ ਆਦਮੀ ਪਾਰਟੀ ਦੇ ਆਗੂ ਰੋਸ ਮੁਜ਼ਾਹਰਾ ਕਰਦੇ ਹੋਏ।