‘ਆਪ’ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚੋਂ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ’ਤੇ ਚੁੱਕੇ ਸਵਾਲ
ਪ੍ਰਧਾਨ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਨਾ ਆ ਕੇ ਪੰਜਾਬ ਪ੍ਰਤੀ ਨਫਰਤ ਨੂੰ ਕੀਤਾ ਉਜਾਗਰ: ਅਮਨ ਅਰੋੜਾ
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੈਰਹਾਜ਼ਰੀ ’ਤੇ ਸਵਾਲ ਖੜ੍ਹੇ ਕੀਤੇ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਸਣੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਪੰਜਾਬ ਦੇ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਏ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਸਰਕਾਰ ਵੱਲੋਂ ਕੁਰੂਕਸ਼ੇਤਰ ਵਿੱਚ ਕਰਵਾਏ ਸਮਾਗਮ ਵਿੱਚ ਪਹੁੰਚ ਸਕਦੇ ਹਨ ਪਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਸਮਾਗਮ ਵਿੱਚ ਨਹੀਂ ਪੁੱਜੇ। ਇਸ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਪ੍ਰਤੀ ਨਫਰਤ ਦਾ ਪਤਾ ਚੱਲਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਤੋਂ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰੋਗਰਾਮ ਸ਼ੁਰੂ ਕੀਤੇ ਸੀ ਜੋ ਕਿ ਪੂਰਾ ਮਹੀਨਾ ਚੱਲਦੇ ਰਹੇ ਹਨ।

