ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ‘ਆਪ’ ਜ਼ਿੰਮੇਵਾਰ: ਕੰਗ
ਹੜ੍ਹ ਪੀੜਤਾਂ ਦੀ ਮਦਦ ਲਈ ਰਿਲੀਫ਼ ਫੰਡ ਸ਼ੁਰੂ ਕਰਨ ਦੀ ਮੰਗ
Advertisement
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਸ੍ਰੀ ਕੰਗ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਵੀ ਹੜ੍ਹਾਂ ਕਾਰਨ ਪੰਜਾਬ ਦਾ ਕਾਫ਼ੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਮਾਨ ਸਰਕਾਰ ਨੇ ਕੋਈ ਅਗਾਊਂ ਪ੍ਰਬੰਧ ਨਹੀਂ ਕੀਤੇ ਅਤੇ ਨਾ ਹੀ ਭਵਿੱਖ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਕੋਈ ਠੋਸ ਕਦਮ ਚੁੱਕੇ। ਸ੍ਰੀ ਕੰਗ ਨੇ ਕਿਹਾ ਕਿ ਇਸ ਕਾਰਨ ਹੀ ਇਸ ਵਾਰ ਵੀ ਹੜ੍ਹਾਂ ਦੇ ਪਾਣੀ ਕਾਰਨ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਆਮ ਲੋਕਾਂ ਦਾ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਸ੍ਰੀ ਕੰਗ ਨੇ ਕਿਹਾ ਕਿ ਇਸ ਕਾਰਨ ਜਿੱਥੇ ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ, ਉੱਥੇ ਲੱਖਾਂ ਕਿਸਾਨਾਂ ਦੀ ਫ਼ਸਲ ਵੀ ਤਬਾਹ ਹੋ ਗਈ ਹੈ। ਸ੍ਰੀ ਕੰਗ ਨੇ ਕਿਹਾ ਕਿ ਇਸ ਤੋਂ ਰਾਹਤ ਦੇਣ ਲਈ ਸਰਕਾਰ ਨੂੰ ਠੋਸ ਉਪਰਾਲੇ ਕਰਨ ਦੀ ਲੋੜ ਹੈ। ਸ੍ਰੀ ਕੰਗ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਇਸ ਮੰਤਵ ਲਈ ਰਿਲੀਫ਼ ਫੰਡ ਸ਼ੁਰੂ ਕਰਨਾ ਚਾਹੀਦਾ ਹੈ। ਸ੍ਰੀ ਕੰਗ ਨੇ ਰਿਲੀਫ਼ ਫੰਡ ਸ਼ੁਰੂ ਕਰਨ ਦੀ ਸੂਰਤ ਵਿੱਚ ਹੜ੍ਹ ਪੀੜਤਾਂ ਲਈ ਇੱਕ ਲੱਖ ਇੱਕ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਵੀ ਕੀਤਾ।
Advertisement
Advertisement