ਆਤਿਸ਼ ਗੁਪਤਾ
ਚੰਡੀਗੜ੍ਹ, 23 ਅਗਸਤ
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਜਿੱਥੇ ਕਾਂਗਰਸ ਅਤੇ ਭਾਜਪਾ ਨੇ ਗਤੀਵੀਧੀਆਂ ਤੇਜ਼ ਕਰ ਦਿੱਤੀਆਂ ਹਨ, ਉੱਥੇ ਹੀ ਆਮ ਆਦਮੀ ਪਾਰਟੀ ਨੇ ਵੀ ਅੱਜ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ’ਤੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ‘ਆਪ’ ਦੇ ਸੀਨੀਅਰ ਆਗੂ ਜਰਨੈਲ ਸਿੰਘ, ਚੰਡੀਗੜ੍ਹ ‘ਆਪ’ ਦੇ ਕਨਵੀਨਰ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪ੍ਰਦੀਪ ਛਾਬੜਾ ਨੇ ਕੀਤਾ ਹੈ।
ਜਰਨੈਲ ਸਿੰਘ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਰਾਜਧਾਨੀ ਚੰਡੀਗੜ੍ਹ ਵਿੱਚ ਹਰ ਪਾਸੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ, ਜਿਸ ਵਿਰੁੱਧ ਆਵਾਜ਼ ਚੁੱਕੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਚੰਡੀਗੜ੍ਹ ਦਾ ਸੰਸਦ ਮੈਂਬਰ ਵੀ ਭਾਜਪਾ ਤੋਂ ਹੋਣ ਦੇ ਬਾਵਜੂਦ ਸਿਟੀ ਬਿਊਟੀਫੁੱਲ ਨੂੰ ਅਣਗੌਲਿਆਂ ਕੀਤਾ ਗਿਆ ਹੈ। ਇਸ ਕਾਰਨ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖ਼ਸਤਾ ਬਣੀ ਹੋਈ ਹੈ ਅਤੇ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ। ਲੋਕ ਆਪਣੀਆਂ ਮੰਗਾਂ ਲਈ ਨਗਰ ਨਿਗਮ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਧੱਕੇ ਖਾ ਰਹੇ ਹਨ ਪਰ ਕੋਈ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਰਾਜ ਤੋਂ ਲੋਕ ਦੁਖੀ ਹੋ ਚੁੱਕੇ ਹਨ, ਜੋ ਬਦਲ ਚਾਹੁੰਦੇ ਹਨ। ਦੱਸਣਯੋਗ ਹੈ ‘ਆਪ’ ਪਹਿਲਾਂ ਦੋ ਵਾਰ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲੜ ਚੁੱਕੀ ਹੈ ਤੇ ਪਹਿਲੀ ਵਾਰ ਨਗਰ ਨਿਗਮ ਚੋਣਾਂ ਲੜਨ ਜਾ ਰਹੀ ਹੈ। ਪਾਰਟੀ ਆਗੂਆਂ ਦਾ ਦਾਅਵਾ ਹੈ ਕਿ ਉਹ ਨਿਗਮ ਦੇ 35 ਵਾਰਡਾਂ ਵਿੱਚ ਆਪਣੇ ਉਮੀਦਵਾਰ ਉਤਾਰਨਗੇ ਅਤੇ ਜਿੱਤ ਹਾਸਲ ਕਰਨਗੇ।
ਚੰਡੀਗੜ੍ਹ ਦੇ ਪਿੰਡਾਂ ਦਾ ਵਿਕਾਸ ਨਾ ਹੋਣ ਦੇ ਦੋਸ਼
‘ਆਪ’ ਆਗੂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪ੍ਰਦੀਪ ਛਾਬੜਾ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਦੇ ਪਿੰਡਾਂ ਨੂੰ ਨਗਰ ਨਿਗਮ ਅਧੀਨ ਲਿਆਂਦੇ ਨੂੰ ਦੋ ਸਾਲ ਬੀਤ ਗਏ ਹਨ ਪਰ ਉਨ੍ਹਾਂ ਦਾ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਤੋਂ ਪਵਨ ਕੁਮਾਰ ਬਾਂਸਲ ਜਿੱਤਦੇ ਰਹੇ ਹਨ ਅਤੇ ਹੁਣ ਭਾਜਪਾ ਤੋਂ ਕਿਰਨ ਖੇਰ ਬਤੌਰ ਸੰਸਦ ਮੈਂਬਰ ਜਿੱਤ ਹਾਸਲ ਕਰ ਰਹੇ ਹਨ ਪਰ ਕਿਸੇ ਨੇ ਵੀ ਸ਼ਹਿਰ ਦੇ ਲੋਕਾਂ ਦੀ ਸਾਰ ਨਹੀਂ ਲਈ ਹੈ।