ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 29 ਜੂਨ
ਕੇਂਦਰ ਸਰਕਾਰ ਦੇ ਖੇਤੀ ਸੁਧਾਰ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ ਆਪ ਦੇ ਵਾਲੰਟੀਅਰ ਸੜਕਾਂ ’ਤੇ ਉਤਰ ਆਏ ਹਨ। ਅੱਜ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਚੌਕ ਨੇੜੇ ‘ਆਪ’ ਵਾਲੰਟੀਅਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਸਾੜੇ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਮੁਹਾਲੀ ਹਲਕੇ ਦੇ ਆਗੂ ਗੁਰਤੇਜ ਸਿੰਘ ਪੰਨੂ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਰਾਜ ਗਿੱਲ ਨੇ ਕੀਤੀ।
ਗੁਰਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੇ ਕਿਸਾਨਾਂ ਦੇ ਹੱਕ ਕੇਂਦਰ ਕੋਲ ਵੇਚ ਦਿੱਤੇ ਹਨ। ਇਨ੍ਹਾਂ ਤੱਥਾਂ ਦਾ ਖੁਲਾਸਾ ਆਲ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਹੋਇਆ। ਸ੍ਰੀਮਤੀ ਰਾਜ ਗਿੱਲ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਘੇਰਦਿਆਂ ਕਿਹਾ ਕਿ ਜਦੋਂ ਇਹ ਬਿੱਲ ਪਾਸ ਕੀਤੇ ਜਾ ਰਹੇ ਸੀ ਤਾਂ ਉਹ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੌਜੂਦ ਸਨ ਪ੍ਰੰਤੂ ਉਨ੍ਹਾਂ ਨੇ ਮੰਤਰੀ ਬਣੇ ਰਹਿਣ ਲਈ ਬਿੱਲ ਦਾ ਵਿਰੋਧ ਕਰਨ ਦੀ ਥਾਂ ਆਪਣਾ ਮੂੰਹ ਬੰਦ ਰੱਖਿਆ। ਇਸ ਮੌਕੇ ਜੀਐਸ ਕਾਹਲੋਂ, ਵਿਨੀਤ ਵਰਮਾ, ਮਨਦੀਪ ਸਿੰਘ ਮਟੌਰ, ਗੋਵਿੰਦਰ ਮਿੱਤਲ, ਕਸ਼ਮੀਰ ਕੌਰ ਸਮੇਤ ਹੋਰ ਵਲੰਟੀਅਰ ਹਾਜ਼ਰ ਹੋਏ।
ਕੁਰਾਲੀ (ਮਿਹਰ ਸਿੰਘ): ਅਕਾਲੀ ਦਲ ਦੀ ਭਾਈਵਾਲ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਕਾਨੂੰਨ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਹਲਕਾ ਪੱਧਰੀ ਰੋਸ ਪ੍ਰਦਸ਼ਨ ਇੱਥੇ ਕੀਤਾ ਗਿਆ। ਆਪ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਵਿੱਚ ਕੀਤੀ ਇਸ ਰੋਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੁਤਲੇ ਸਾੜੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ‘ਆਪ’ ਆਗੂ ਤੇ ਹਲਕਾ ਇੰਚਾਰਜ਼ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਐਕਟ ਦੇ ਨਾਮ ’ਤੇ ਕਾਲਾ ਕਾਨੂੰਨ ਪਾਸ ਕੀਤਾ ਗਿਆ ਹੈ, ਜੋ ਕਿ ਸਿੱਧੇ ਤੌਰ ’ਤੇ ਕਿਸਾਨਾਂ ਅਤੇ ਕਿਸਾਨ ਮਜ਼ਦੂਰਾਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਹੁਣ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਆਪਣੀ ਹੋਂਦ ਬਚਾਉਣ ਲਈ ਦੋਗਲੀ ਨੀਤੀ ਅਪਣਾ ਕੇ ਕਿਸਾਨਾਂ ਦਾ ਹਮਦਰਦ ਹੋਣ ਦਾ ਵਿਖਾਵਾ ਕਰ ਰਹੇ ਹਨ। ਇਸੇ ਦੌਰਾਨ ਸ਼ਹਿਰ ਦੀ ਕੌਮੀ ਮਾਰਗ ਦੇ ਮੇਨ ਚੌਂਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੁਤਲੇ ਸਾੜੇ ਗਏ। ਇਸ ਮੌਕੇ ਆਪ ਦੇ ਜ਼ਿਲ੍ਹਾ ਮੁਹਾਲੀ ਇਕਾਈ ਦੇ ਪ੍ਰਧਾਨ ਹਰੀਸ਼ ਕੌਸ਼ਲ, ਸੀਵਾਈਐੱਸਐੱਸ ਦੇ ਸੂਬਾ ਪ੍ਰਧਾਨ ਪਰਮਿੰਦਰ ਜਸਵਾਲ, ਹਰਜੀਤ ਸਿੰਘ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਵਿੰਦਰ ਕੌਰ ਧਨੌੜਾਂ, ਕਾਂਤਾ ਗਿੱਲ, ਸੁਰਜੀਤ ਸਿੰਘ, ਅਜੀਤ ਕੌਂਸਲ, ਗੁਰਪ੍ਰੀਤ ਸਿੰਘ ਛੀਨਾ, ਰਾਮ ਸਰੂਪ ਸ਼ਰਮਾ, ਰਘਵੀਰ ਸਿੰਘ, ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਫਤਹਿਗੜ੍ਹ ਸਾਹਿਬ (ਦਰਸ਼ਨ ਸਿੰਘ ਮਿੱਠਾ): ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਕੇਂਦਰ ਸਰਕਾਰ ਵੱਲੋਂ ਕਿਸਾਨ, ਮਜ਼ਦੂਰ, ਆੜ੍ਹਤੀਆ, ਟਰਾਂਸਪੋਰਟਰਾਂ ਤੇ ਆਮ ਲੋਕਾਂ ਦੇ ਵਿਰੋਧੀ ਆਰਡੀਨੈਂਸ ਪਾਸ ਕਰਨ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰਨ ਦੇ ਦੋਸ਼ ਲਗਾਉਂਦਿਆਂ ਚਾਰ ਨੰਬਰ ਚੁੰਗੀ ਚੌਂਕ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ।