ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਸਤੰਬਰ
ਆਮ ਆਦਮੀ ਪਾਰਟੀ (ਆਪ) ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਬਿਜਲੀ ਸਮਝੌਤੇ ਰੱਦ ਨਾ ਕਰਨ ਦੇ ਮੁੱਦੇ ’ਤੇ ਹੁਕਮਰਾਨਾਂ ਨੂੰ ਘੇਰਦਿਆਂ ਅੱਜ ਇੱਥੋਂ ਦੇ ਫੇਜ਼ 3-5 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਪੰਜਾਬ ਸਰਕਾਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਸਕੱਤਰ ਪ੍ਰਭਜੋਤ ਕੌਰ, ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੰਨੂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਗਏ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਗਏ। ਇਹੀ ਨਹੀਂ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਵੇਚਣੀ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹਰ ਸਾਲ ਪੰਜਾਬ ਦੇ ਲੋਕਾਂ ਦਾ ਡੇਢ ਸੋ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਲੋਕ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਸਬਕ ਸਿਖਾਉਣਗੇ। ਇਸ ਮੌਕੇ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ, ਜਸਪਾਲ ਸਿੰਘ ਕਾਊਣੀ, ਸਵਰਨਜੀਤ ਕੌਰ ਬਲਟਾਣਾ, ਸੋਨਾਲੀ ਪੰਡਿਤ, ਕਸ਼ਮੀਰ ਕੌਰ, ਸਵਿਤਾ ਪੁਰੀ ਅਤੇ ਵੱਡੀ ਗਿਣਤੀ ਵਲੰਟੀਅਰ ਹਾਜ਼ਰ ਸਨ।
ਸਬੰਧਤ ਫੋਟੋ ਮੁਹਾਲੀ-3, ਮੁਹਾਲੀ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ‘ਆਪ’ ਵਾਲੰਟੀਅਰ। -ਫੋਟੋ: ਸੋਢੀ