ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਫਰਵਰੀ
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਸ਼ਹਿਰ ਵਿੱਚ ਘਰ-ਘਰ ਜਾ ਕੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਕੁਲਵੰਤ ਸਿੰਘ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਮੁਕਾਬਲਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਨਹੀਂ ਬਲਕਿ ਬੇਰੁਜ਼ਗਾਰੀ, ਗੁੰਡਾਗਰਦੀ ਅਤੇ ਭ੍ਰਿਸ਼ਟਾਚਾਰ ਨਾਲ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਦੇ ਸਤਾਏ ਪੰਜਾਬ ਵਾਸੀ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਉਮੀਦਵਾਰਾਂ ਨੂੰ ਮੰਗ ਪੱਤਰ ਦਿੱਤਾ
ਮੁਹਾਲੀ: ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਬਲਵੀਰ ਸਿੰਘ ਮੁਹਾਲੀ, ਕਾਰਜਕਾਰੀ ਪ੍ਰਧਾਨ ਡਾ. ਬਿਕਰਮ ਦੱਤ ਗੋਇਲ ਦੀ ਅਗਵਾਈ ਹੇਠ ਮੁਹਾਲੀ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੀਆਂ ਮੰਗਾਂ ਬਾਰੇ ਮੰਗ ਪੱਤਰ ਦਿੱਤੇ। ਉਨ੍ਹਾਂ ਨੇ ਕਾਂਗਰਸ ਦੇ ਬਲਬੀਰ ਸਿੰਘ ਸਿੱਧੂ, ਆਪ ਦੇ ਕੁਲਵੰਤ ਸਿੰਘ, ਅਕਾਲੀ-ਬਸਪਾ ਦੇ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਛੋਟੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੈਡੀਕਲ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ।