ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 16 ਸਤੰਬਰ
ਪੰਜਾਬ ਸਰਕਾਰ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੇਅਰ ਦੇ ਅਹੁਦੇ ਤੋਂ ਲਾਂਭੇ ਕਰਨ ਦੀ ਤਿਆਰੀ ਖਿੱਚ ਲਈ ਹੈ। ਜੀਤੀ ਸਿੱਧੂ ਪੰਜਾਬ ਵਿੱਚ ਭਾਜਪਾ ਦੇ ਇਕਲੌਤੇ ਮੇਅਰ ਹਨ। ਉਹ ਪਿੱਛੇ ਜਿਹੇ ਆਪਣੇ ਵੱਡੇ ਭਰਾ ਬਲਬੀਰ ਸਿੱਧੂ ਨਾਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਮੇਅਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲੱਗੇ ਹਨ।
ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਕੌਰ, ਰਵਿੰਦਰ ਸਿੰਘ ਬਿੰਦਰਾ, ਕਰਮਜੀਤ ਕੌਰ ਮਟੌਰ, ਅਰੁਣਾ ਵਸ਼ਿਸ਼ਟ, ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਸਾਬਕਾ ਕੌਂਸਲਰ ਆਰਪੀ ਸ਼ਰਮਾ ਤੇ ਫੂਲਰਾਜ ਸਿੰਘ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਮੇਅਰ ਜੀਤੀ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਮੇਅਰ ਨੂੰ ਸਪੱਸ਼ਟੀਕਰਨ ਦੇਣ ਲਈ 15 ਦਿਨਾਂ ਦੀ ਮੋਹਲਤ ਦਿੱਤੀ ਗਈ ਹੈ।
ਸ਼ਿਕਾਇਤ ਅਨੁਸਾਰ ਮੇਅਰ ਜੀਤੀ ਸਿੱਧੂ ਜੋ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ ਚੇਅਰਮੈਨ ਅਤੇ ਅੰਮ੍ਰਿਤਪ੍ਰੀਤ ਕੋਆਪਰੇਟਿਵ ਸੁਸਾਇਟੀ ਮੈਂਬਰ ਵੀ ਹਨ, ਨੇ ਇਸ ਸੁਸਾਇਟੀ ਨੂੰ ਵਿਕਾਸ ਕਾਰਜਾਂ ਦੇ ਟੈਂਡਰ ਅਲਾਟ ਕੀਤੇ ਹਨ। ਅਜਿਹਾ ਕਰਕੇ ਉਨ੍ਹਾਂ ਨੇ ਪੰਜਾਬ ਮਿਉਂਸਿਪਲ ਐਕਟ 1976 ਦੀ ਧਾਰਾ 63 ਦੀ ਉਲੰਘਣਾ ਕੀਤੀ ਹੈ ਕਿਉਂਕਿ ਕੋਈ ਵੀ ਕੌਂਸਲਰ ਅਜਿਹੇ ਕਿਸੇ ਫੈਸਲੇ ਵਿੱਚ ਸ਼ਾਮਲ ਨਹੀਂ ਹੋ ਸਕਦਾ ਜਿਸ ਦੇ ਨਾਲ ਉਸਦਾ ਕੋਈ ਸਿੱਧਾ ਜਾਂ ਅਸਿੱਧਾ ਹਿੱਤ ਜੁੜਿਆ ਹੋਇਆ ਹੋਵੇ।
ਮੇਅਰ ਨੂੰ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਉਸ ਵੱਲੋਂ ਵਿੱਤ ਤੇ ਠੇਕਾ ਕਮੇਟੀ ਦਾ ਚੇਅਰਮੈਨ ਵਜੋਂ ਅੰਮ੍ਰਿਤਪ੍ਰੀਤ ਕੋਆਪਰੇਟਿਵ ਸੁਸਾਇਟੀ ਨੂੰ ਵਿਕਾਸ ਕਾਰਜਾਂ ਦੇ ਟੈਂਡਰ ਜਾਰੀ ਕਰਕੇ ਮਿਉਂਸਿਪਲ ਐਕਟ ਦੀ ਧਾਰਾ 63 ਦੀ ਉਲੰਘਣਾ ਕੀਤੀ ਹੈ ਅਤੇ ਪੰਜਾਬ ਮਿਉਂਸਿਪਲ ਐਕਟ ਦੀ ਧਾਰਾ 36 (1) ਅਨੁਸਾਰ ਧਾਰਾ 63 ਦੀ ਉਲੰਘਣਾ ਹੋਣ ’ਤੇ ਕੌਂਸਲਰ ਨੂੰ ਅਹੁਦੇ ਤੋਂ ਲਾਂਭੇ ਕਰਨ ਦਾ ਉਪਬੰਧ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੇਅਰ ਵਿਰੁੱਧ ਤਜਵੀਜ਼ਤ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਵੱਲੋਂ ਦਿੱਤੇ ਜਵਾਬ/ਸਪੱਸ਼ਟੀਕਰਨ ’ਤੇ ਵਿਚਾਰ ਕੀਤਾ ਜਾਵੇਗਾ।
ਅਜੇ ਨੋਟਿਸ ਨਹੀਂ ਮਿਲਿਆ: ਜੀਤੀ ਸਿੱਧੂ
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਹਾਲੇ ਤੱਕ ਉਨ੍ਹਾਂ ਨੂੰ ਨੋਟਿਸ ਨਹੀਂ ਮਿਲਿਆ ਹੈ। ਨੋਟਿਸ ਦੀ ਕਾਪੀ ਮਿਲਣ ਤੋਂ ਬਾਅਦ ਉਹ ਇਸ ਦਾ ਤਸੱਲੀਬਖ਼ਸ਼ ਜਵਾਬ ਦੇਣਗੇ ਅਤੇ ਜੇਕਰ ਲੋੜ ਪਈ ਤਾਂ ਉਹ ਪੰਜਾਬ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਅਦਾਲਤ ਦਾ ਬੂਹਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ‘ਆਪ’ ਸਰਕਾਰ ਬਣੀ ਹੈ, ਉਸ ਦਿਨ ਤੋਂ ਹੁਕਮਰਾਨ ਅਤੇ ਸਥਾਨਕ ਆਗੂ ਉਨ੍ਹਾਂ ਦੇ ਪਿੱਛੇ ਪਏ ਹੋਏ ਹਨ ਅਤੇ ਦੋਵਾਂ ਭਰਾਵਾਂ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ।