ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ,19 ਜਨਵਰੀ
ਨਗਰ ਕੌਂਸਲ ਨਵਾਂ ਗਾਉਂ ਦੀਆਂ ਚੋਣਾਂ ਸਬੰਧੀ ਕਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੀ ਪਾਰਟੀ ਵਿੱਚ ਵਿਰੋਧੀ ਪਾਰਟੀ ਦੇ ਵਰਕਰਾਂ ਨੂੰ ਸ਼ਾਮਲ ਕਰਨ ਦਾ ਕੰਮ ਜੰਗੀ ਪੱਧਰ ਉਤੇ ਦਿਨ ਰਾਤ ਚੱਲ ਰਿਹਾ ਹੈ। ਸ਼ਾਮਲ ਹੋਏ ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਲਕਾ ਖਰੜ ਵਿੱਚ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੁੱਖ ਸੇਵਾਦਾਰ ਦੀ ਸਮੁੱਚੀ ਲੀਡਰਸ਼ਿਪ ਵਿੱਚ ਪੂਰਾ ਵਿਸ਼ਵਾਸ਼ ਹੈ।ਇਸੇ ਮੌਕੇ ਸਾਬਕਾ ਸਰਪੰਚ ਮੁਖਤਿਆਰ ਸਿੰਘ, ਨੰਬਰਦਾਰ ਅਵਤਾਰ ਸਿੰਘ ਤਾਰੀ, ਸਾਬਕਾ ਕੌਂਸਲਰ ਦਲਬੀਰ ਸਿੰਘ ਪੱਪੀ,ਪ੍ਰਧਾਨ ਵਿਪਨ ਸ਼ਰਮਾ, ਨੀਟੂ,ਧਾਮੀ ਹਾਜ਼ਰ ਸਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਾਸਟਰ ਜਗਦੇਵ ਸਿੰਘ ਮਲੋਆ ਨੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਨਵਾਂ ਗਾਉਂ ਵਿੱਚ ਪਾਰਟੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗ ਕੀਤੀ। ਸ੍ਰੀ ਮਲੋਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਸਮਝਦੇ ਹੋਏ ਵਾਰਡ ਨੰਬਰ 19 ਤੋਂ ਸੋਨੂੰ ਭਾਟੀਆ ਨੇ ਆਪਣੇ ਸਾਥੀਆਂ ਸਮੇਤ ਆਪ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਭਾਜਪਾ ਦਾ ਸਾਬਕਾ ਯੁਵਾ ਮੰਡਲ ਪ੍ਰਧਾਨ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਲ
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ ਤੇ ਸੀਨੀਅਰ ਯੂਥ ਆਗੂ ਅਜੈ ਕੁਮਾਰ ਨਿਊਆ ਦੀ ਪ੍ਰੇਰਨਾ ਸਦਕਾ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਭਾਜਪਾ ਯੁਵਾ ਮੋਰਚਾ ਦਾ ਸਾਬਕਾ ਮੰਡਲ ਪ੍ਰਧਾਨ ਮਨਪ੍ਰੀਤ ਸਿੰਘ ਧਾਲੀਵਾਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ। ਇਸ ਮੌਕੇ ਸ੍ਰੀ ਬੌਬੀ ਅਤੇ ਅਜੈ ਕੁਮਾਰ ਨੇ ਕਿਹਾ ਕਿ ਅੱਜ ਕਾਲੇ ਕਾਨੂੰਨਾਂ ਨੂੰ ਲੈ ਕੇ ਭਾਜਪਾ ਦਾ ਵਜੂਦ ਪੰਜਾਬ ਵਿਚ ਖਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਧਾਲੀਵਾਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।