ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਈ
ਇਥੇ 10 ਕਿੱਲੋ ਕੋਕੀਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਹ ਕੋਕੀਨ ਕੋਰੀਅਰ ਰਾਹੀਂ ਆਸਟ੍ਰੇਲੀਆ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਸੀ ਜਿਸ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਸ਼ਫਾਕ ਰਹਿਮਾਨ ਵਾਸੀ ਚੇਨਈ (ਤਾਮਿਲਨਾਡੂ) ਵਜੋਂ ਹੋਈ ਹੈ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਅਨੁਸਾਰ ਬਰਾਮਦ ਕੀਤੀ ਗਈ ਕੋਕੀਨ ਦੀ ਕੀਮਤ 100 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਅੱਜ ਇੰਡਸਟਰੀਅਲ ਏਰੀਆ ਵਿੱਚ 10-15 ਪੈਕਟ ਕੋਰੀਅਰ ਕਰਨ ਲਈ ਆਇਆ ਸੀ। ਇਹ ਕੋਰੀਅਰ ਆਸਟ੍ਰੇਲੀਆ ਕਰਨੇ ਸੀ। ਕੋਰੀਅਰ ਕੰਪਨੀ ਨੇ ਪੈਕੇਟ ਵਿੱਚ ਸਾਮਾਨ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕ੍ਰਾਕਰੀ ਦਾ ਸਾਮਾਨ (ਟਰੇਅ) ਹੈ। ਕੰਪਨੀ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ’ਤੇ ਥਾਣਾ ਸੈਕਟਰ-31 ਦੀ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਉਕਤ ਸ਼ਿਕਾਇਤ ’ਤੇ ਛਾਪਾ ਮਾਰ ਕੇ ਨੌਜਵਾਨ ਨੂੰ ਕਾਬੂ ਕੀਤਾ। ਥਾਣਾ ਸੈਕਟਰ-31 ਦੀ ਪੁਲੀਸ ਨੇ ਕੋਰੀਅਰ ਨੂੰ ਖੋਲ੍ਹ ਕੇ ਵੇਖਿਆ ਤਾਂ ਸਾਰੇ ਪੈਕਟਾਂ ਵਿੱਚ ਕੋਕੀਨ ਸੀ। ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਉਕਤ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ ਜਿਸ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਮੁਲਜ਼ਮ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।