ਪੱਤਰ ਪ੍ਰੇਰਕ
ਲਾਲੜੂ, 18 ਫਰਵਰੀ
ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ’ਚ ਹੇਰਾਫੇਰੀ ਕਰਨ ਦੇ ਵਿਰੋਧ ਵਿੱਚ ਅੱਜ ਮਹਾਰਾਣਾ ਪ੍ਰਤਾਪ ਭਵਨ ਲਾਲੜੂ ਵਿੱਚ ਵੱਖ-ਵੱਖ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਨੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿਲੋਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਉਨ੍ਹਾਂ ਸੱਤਾ ਦੇ ਨਸ਼ੇ ਵਿੱਚ ਆ ਕੇ ਲੋਕਤੰਤਰ ਦਾ ਘਾਣ ਕੀਤਾ ਹੈ। ਜੇਤੂ ਉਮੀਦਵਾਰਾਂ ਨੂੰ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਨਾਲ ਹਰਾ ਕੇ ਹਾਰੇ ਹੋਏ ਕਾਂਗਰਸੀਆਂ ਨੂੰ ਜਿਤਾਇਆ ਹੈ। ਇਸ ਮੌਕੇ ਵਾਰਡ ਨੰਬਰ 8 ਤੋਂ ਆਜ਼ਾਦ ਉਮੀਦਵਾਰ ਹਰਵਿੰਦਰ ਸਿੰਘ ਝਰਮੜੀ, 6 ਤੋਂ ਐਡਵੋਕੇਟ ਮਨਪ੍ਰੀਤ ਸਿੰਘ ਭੱਟੀ, 10 ਤੋਂ ਹਰਪਾਲ ਸਿੰਘ ਮਗਰਾ, 14 ਤੋਂ ਸੰਦੀਪ ਕੁਮਾਰ, 13 ਤੋਂ ਸੰਜੂ ਕੁਮਾਰ, 14 ਤੋਂ ਮਨਜੀਤ ਸਿੰਘ, 12 ਤੋਂ ਅਮਰੀਕ ਸਿੰਘ ਤੇ ਵਾਰਡ ਨੰਬਰ 4 ਦੇ ‘ਆਪ’ ਦੇ ਉਮੀਦਵਾਰ ਸਤਵੰਤ ਸਿੰਘ, 7 ਤੋਂ ਰਾਕੇਸ਼ ਸੋਢੀ, 8 ਤੋਂ ਰਾਕੇਸ਼ ਬੱਤਰਾ, 10 ਤੋਂ ਲਖਵਿੰਦਰ ਸਿੰਘ, 13 ਤੋਂ ਵਿਕਾਸ, 12 ਤੋਂ ਜ਼ੋਰਾਵਰ ਸਿੰਘ, 14 ਤੋਂ ਜਗਤਾਰ ਸਿੰਘ ਸਮੇਤ ਉਨ੍ਹਾਂ ਦੇ ਸਮਰਥਕਾਂ ਨੇ ਰੋਸ ਪ੍ਰਗਟ ਕੀਤਾ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਕੌਂਸਲਰਾਂ ਨੇ ਡੀਸੀ ਅੰਮ੍ਰਿਤ ਕੌਰ ਗਿੱਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਨਾਲ ਮਿਲ ਕੇ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਨ ਤੇ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਗੱਲ ਦੁਹਰਾਈ। ਇਸੇ ਦੌਰਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਿਚ ਨਵੇਂ ਚੁਣੇ ਕੌਂਸਲਰਾਂ ਦੇ ਸਨਮਾਨ ਵਿਚ ਬਲਾਕ ਕਾਂਗਰਸ ਕਮੇਟੀ ਦੇ ਦਫ਼ਤਰ ਅੱਗੇ ਸਮਾਗਮ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਦੀਪ ਸਿੰਘ ਤੇ ਹੋਰਨਾਂ ਨੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਵਧਾਈ ਦਿੱਤੀ।
ਰੂਪਨਗਰ (ਪੱਤਰ ਪ੍ਰੇਰਕ): ਕਾਂਗਰਸ ਦੇ ਨਗਰ ਕੌਂਸਲ ਰੂਪਨਗਰ ਦੇ ਜੇਤੂ ਉਮੀਦਵਾਰਾਂ ਨੂੰ ਅੱਜ ਇੱਥੇ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਖਰੜ (ਪੱਤਰ ਪ੍ਰੇਰਕ): ਖਰੜ ਨਗਰ ਕੌਸਲ ਦੇ ਨਤੀਜਿਆਂ ਵਿੱਚ ਕਿਸੇ ਪਾਰਟੀ ਨੂੰ ਸਪਸ਼ਟ ਬਹੁਮਤ ਪ੍ਰਾਪਤ ਨਹੀਂ ਹੋਈ, ਪਰ ਕਾਂਗਰਸ ਨੇ 35.87 ਫੀਸਦ ਵੋਟਾਂ ਪ੍ਰਾਪਤ ਕਰ ਕੇ 10 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਪਾਰਟੀ ਨੇ ਸਾਰੇ 27 ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜ੍ਹਾਏ ਸਨ, ਜਿਨ੍ਹਾਂ ਕੁਲ 18,116 ਵੋਟਾਂ ਪ੍ਰਾਪਤ ਕੀਤੀਆਂ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਨਗਰ ਕੌਂਸਲ ਨਵਾਂ ਗਰਾਓਂ ਵਿਚ ਅਕਾਲੀ ਦਲ ਦਾ ਹੀ ਪ੍ਰਧਾਨ ਬਣਾਇਆ ਜਾਵੇਗਾ। ਇਨ੍ਹ੍ਵਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਨਵਾਂ ਗਰਾਓਂ ਵਿਚ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਸਨਮਾਨ ਕਰਦਿਆਂ ਕੀਤਾ।
ਕਾਂਗਰਸੀ ਆਗੂਆਂ ਵੱਲੋਂ ਜਿੱਤ ਦੀ ਖੁਸ਼ੀ ਵਿੱਚ ਮਾਰਚ
ਐੱਸਏਐੱਸਨਗਰ (ਕਰਮਜੀਤ ਸਿੰਘ ਚਿੱਲਾ): ਮੁਹਾਲੀ ਨਿਗਮ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ’ਤੇ ਕਾਂਗਰਸੀਆਂ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਜਸ਼ਨ ਮਨਾਏ। ਸ਼ਹਿਰ ਵਿੱਚ ਜੇਤੂ ਉਮੀਦਵਾਰਾਂ ਨੇ ਥਾਂ-ਥਾਂ ਢੋਲ ਵਜਾਏ, ਭੰਗੜੇ ਪਾਏ ਅਤੇ ਜੇਤੂ ਜਲੂਸ ਕੱਢੇ। ਪਾਰਟੀ ਦੇ ਜੇਤੂ ਉਮੀਦਵਾਰਾਂ ਨੇ ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਮੱਥਾ ਟੇਕ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਸ੍ਰੀ ਸਿੱਧੂ ਦੀ ਅਗਵਾਈ ਹੇਠ ਜੇਤੂ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੇ ਮੁਹਾਲੀ ਦੇ ਪਹਿਲੇ ਫੇਜ਼ ਤੋਂ ਲੈ ਕੇ ਗਿਆਰਾਂ ਫੇਜ਼ ਤੱਕ ਜੇਤੂ ਮਾਰਚ ਵੀ ਕੱਢਿਆ। ਬਲਬੀਰ ਸਿੱਧੂ ਨੇ ਮੁਹਾਲੀ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਕਰਾਏ ਵਿਕਾਸ ਕੰਮਾਂ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨੀਤੀਆਂ ਦੇ ਹੱਕ ਵਿੱਚ ਫ਼ਤਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ।
ਕਾਂਗਰਸ ਦੀ ਜਿੱਤ ਵਿਕਾਸ ਪੱਖੀ ਨੀਤੀਆਂ ਦਾ ਨਤੀਜਾ: ਤਿਵਾੜੀ
ਰੂਪਨਗਰ (ਪੱਤਰ ਪ੍ਰੇਰਕ): ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਉਨ੍ਹਾਂ ਦੇ ਹਲਕੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੌਂਸਲ ਤੇ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਲਈ ਜਿਥੇ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਉੱਥੇ ਹੀ ਉਨ੍ਹਾਂ ਨੇ ਇਨ੍ਹਾਂ ਨਤੀਜਿਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਕਾਸ ਪੱਖੀ ਨੀਤੀਆਂ ਦਾ ਨਤੀਜਾ ਦੱਸਿਆ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਕੌਂਸਲ ਤੇ ਨਿਗਮ ਚੋਣਾਂ ਵਿੱਚ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਸੂਬਾ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਉੱਪਰ ਮੋਹਰ ਲਗਾ ਦਿੱਤੀ ਹੈ।
ਡੇਰਾਬੱਸੀ ਵਿੱਚ ਪਹਿਲੀ ਵਾਰ ਨੌਂ ਮਹਿਲਾ ਕੌਂਸਲਰ ਜੇਤੂ
ਡੇਰਾਬੱਸੀ (ਹਰਜੀਤ ਸਿੰਘ): ਨਗਰ ਕੌਂਸਲ ਚੋਣਾਂ ਦੌਰਾਨ ਡੇਰਾਬੱਸੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਨੌਂ ਮਹਿਲਾ ਕੌਂਸਲਰਾਂ ਨੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਜੇਤੂਆਂ ਵਿੱਚ ਛੇ ਕਾਂਗਰਸ ਤੋਂ, ਦੋ ਆਜ਼ਾਦ ਅਤੇ ਇਕ ਅਕਾਲੀ ਦਲ ਤੋਂ ਸ਼ਾਮਲ ਹਨ। ਭਾਜਪਾ ਦੇ 7 ਉਮੀਦਵਾਰ ਆਪਣੀ ਜ਼ਮਾਨਤਾਂ ਬਚਾਉਣ ’ਚ ਵੀ ਨਾਕਾਮ ਰਹੇ। ਇਸ ਦੇ ਨਾਲ ਹੀ ਆਜ਼ਾਦ ਕੌਂਸਲਰ ਆਸ਼ਾ ਸ਼ਰਮਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਵਾਰਡ ਨੰਬਰ 9 ਤੋਂ ਜਿੱਤੀ ਆਜ਼ਾਦ ਕੌਂਸਲਰ ਤੇ ਉਸ ਦਾ ਪਤੀ ਭੁਪਿੰਦਰ ਸ਼ਰਮਾ ਅੱਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਆਸ਼ਾ ਸ਼ਰਮਾ ਨੂੰ ਕਾਂਗਰਸ ਵੱਲੋਂ ਟਿਕਟ ਨਾ ਮਿਲਣ ’ਤੇ ਉਨ੍ਹਾਂ ਆਜ਼ਾਦ ਚੋਣ ਲੜੀ ਸੀ।