ਪੱਤਰ ਪ੍ਰੇਰਕ
ਚੰਡੀਗੜ੍ਹ, 13 ਅਕਤੂਬਰ
ਸੈਕਟਰ 38 ਸਥਿਤ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਵੱਲੋਂ ਪੰਜਾਬੀ ਵਿਸ਼ਾ ਪੜ੍ਹਨ ਤੋਂ ਰੋਕਣ ਸਬੰਧੀ ਪੰਜਾਬੀ ਟ੍ਰਿਬਿਊਨ ਵੱਲੋਂ ਛਾਪੀ ਖ਼ਬਰ ਉਪਰੰਤ ਭਾਵੇਂ ਉਸ ਸਕੂਲ ਵਿੱਚ ਬੱਚਿਆਂ ਨੂੰ ਪੰਜਾਬੀ ਵਿਸ਼ਾ ਪੜ੍ਹਨ ਦੀ ਇਜਾਜ਼ਤ ਮਿਲ ਗਈ ਹੈ ਪਰ ਚੰਡੀਗੜ੍ਹ ਪੰਜਾਬੀ ਮੰਚ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਪੀ.ਆਈ. ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ ਅਤੇ ਕੈਸ਼ੀਅਰ ਸ਼ਰਨਜੀਤ ਸਿੰਘ ਰਾਏਪੁਰ ਕਲਾਂ ਨੇ ਡੀ.ਪੀ.ਆਈ. ਤੋਂ ਮੰਗ ਕੀਤੀ ਕਿ ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਭੇਜੀਆਂ ਜਾਣ ਕਿ ਉਹ ਪੰਜਾਬੀ ਪੜ੍ਹਾਉਣ ਲਈ ਯੋਗ ਅਧਿਆਪਕਾਂ ਦਾ ਪ੍ਰਬੰਧ ਕਰਨ। ਜੇਕਰ ਕੋਈ ਵੀ ਸਕੂਲ ਪੰਜਾਬੀ ਵਿਸ਼ਾ ਪੜ੍ਹਾਉਣ ਤੋਂ ਆਨਾਕਾਨੀ ਕਰਦਾ ਹੈ ਤਾਂ ਉਸ ਸਕੂਲ ਦੇ ਪ੍ਰਿੰਸੀਪਲ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।