ਹਰਜੀਤ ਸਿੰਘ
ਜ਼ੀਰਕਪੁਰ, 3 ਸਤੰਬਰ
ਹਿੰਦੂ ਮੰਦਰ ਐਕਟ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਰਹੇ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੂੰ ਅੱਜ ਪੁਲੀਸ ਨੇ ਜ਼ੀਰਕਪੁਰ ਵਿੱਚ ਘੇਰ ਲਿਆ। ਇਸ ਤੋਂ ਰੋਹ ਵਿੱਚ ਆਏ ਜਥੇਬੰਦੀਆਂ ਦੇ ਕਾਰਕੁਨਾਂ ਨੇ ਸੜਕ ਵਿਚਾਲੇ ਜਾਮ ਲਾ ਦਿੱਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਟਿਆਲਾ ਰੋਡ ’ਤੇ ਵਾਹਨਾਂ ਦੀ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਦੌਰਾਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ।
ਜਾਣਕਾਰੀ ਅਨੁਸਾਰ ਹਿੰਦੂ ਮੰਦਿਰ ਐਕਟ ਦੀ ਮੰਗ ਨੂੰ ਲੈ ਕੇ ਅੱਜ ਵੱਡੀ ਗਿਣਤੀ ਹਿੰਦੂ ਜਥੇਬੰਦੀਆਂ ਪਟਿਆਲਾ ਤੋਂ ਰਾਜਪੁਰਾ, ਬਨੂੜ ਤੋਂ ਹੁੰਦੇ ਹੋਏ ਇਕ ਕਾਫਲੇ ਦੇ ਰੂਪ ਵਿੱਚ ਚੰਡੀਗੜ੍ਹ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਜਾ ਰਹੇ ਸੀ। ਇਸ ਦੌਰਾਨ ਜ਼ਿਲ੍ਹਾ ਮੁਹਾਲੀ ਪੁਲੀਸ ਨੇ ਜਥੇਬੰਦੀਆਂ ਨੂੰ ਪਟਿਆਲਾ ਰੋਡ ’ਤੇ ਹਵਾਈ ਅੱਡੇ ਦੀ ਟਰੈਫਿਕ ਲਾਈਟਾਂ ’ਤੇ ਰੋਕ ਲਿਆ। ਇਸ ਤੋਂ ਰੋਹ ਵਿੱਚ ਆਈ ਜਥੇਬੰਦੀਆਂ ਦੇ ਕਾਰਕੁਨ ਸੜਕਾਂ ਦੇ ਵਿਚਕਾਰ ਬੈਠ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲੀਸ ਨੇ ਬੜੀ ਮੁਸ਼ਕਲ ਨਾਲ ਇਕ ਲੇਨ ਤੋਂ ਆਵਾਜਾਈ ਚਾਲੂ ਕਰਵਾਈ ਪਰ ਆਵਾਜਾਈ ਵਧ ਹੋਣ ਕਾਰਨ ਸੜਕ ’ਤੇ ਜਾਮ ਲੱਗ ਗਿਆ। ਹਿੰਦੂ ਜਥੇਬੰਦੀ ਦੀ ਅਗਵਾਈ ਕਰ ਰਹੇ ਰਵੀਕਾਂਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਸੂਬੇ ਵਿੱਚ ਹਿੰਦੂ ਮੰਦਿਰ ਐਕਟ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਦੇ ਚਲਦਿਆਂ ਉਹ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਮੰਗ ਨੂੰ ਯਾਦ ਕਰਵਾਉਣ ਲਈ ਜਾ ਰਹੇ ਹਨ। ਪਰ ਪੁਲੀਸ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਦੇ ਹੋਏ ਅੱਗੇ ਨਹੀਂ ਜਾਣ ਦਿੱਤਾ। ਇਸ ਮਗਰੋਂ ਮੁਜ਼ਾਹਰਾਕਾਰੀਆਂ ਨੇ ਮੁੱਖ ਮੰਤਰੀ ਦੇ ਨਾਂਅ ਡੀ.ਐਸ.ਪੀ. ਜ਼ੀਰਕਪੁਰ ਅਮਰੋਜ਼ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਧਰਨਾ ਚੁੱਕਿਆ।