ਹਰਜੀਤ ਸਿੰਘ
ਜ਼ੀਰਕਪੁਰ, 2 ਅਗਸਤ
ਸ਼ਹਿਰ ਵਿੱਚ ਧੜੱਲੇ ਨਾਲ ਕੱਟੀਆਂ ਜਾ ਰਹੀਆਂ ਨਾਜਾਇਜ਼ ਕਲੋਨੀਆਂ ਅਤੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁਹਾਲੀ ਦੀ ਏਡੀਸੀ (ਅਰਬਨ) ਵੱਲੋਂ ਮਾਲ ਵਿਭਾਗ ਨੂੰ ਪੱਤਰ ਲਿਖ ਕੇ ਜ਼ੀਰਕਪੁਰ ਵਿਚਲੀਆਂ 23 ਨਾਜਾਇਜ਼ ਕਲੋਨੀਆਂ ਦੀਆਂ ਰਜਿਸਟਰੀਆਂ ’ਤੇ ਰੋਕ ਲਾਉਣ ਲਈ ਕਿਹਾ ਗਿਆ ਹੈ। ਪ੍ਰਸ਼ਾਸ਼ਨ ਦੇ ਇਸ ਫੈਸਲੇ ਨਾਲ ਜਿੱਥੇ ਨਾਜਾਇਜ਼ ਕਲੋਨੀਆਂ ’ਚ ਉਸਾਰੀਆਂ ਕਰਨ ਵਾਲੇ ਬਿਲਡਰਾਂ ਅਤੇ ਨਾਜਾਇਜ਼ ਕਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਨੂੰ ਭਾਜੜਾਂ ਪੈ ਗਈਆਂ ਹਨ, ਉਥੇ ਇੱਨ੍ਹਾਂ ਕਲੋਨੀਆਂ ਵਿੱਚ ਆਪਣੇ ਸਾਰੀ ਜ਼ਿੰਦਗੀ ਦੀ ਪੂੰਜੀ ਦਾ ਨਿਵੇਸ਼ ਕਰਨ ਵਾਲੇ ਲੋਕਾਂ ਵਿੱਚ ਵੀ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਕੱਟੀਆਂ ਜਾ ਰਹੀਆਂ ਨਾਜਾਇਜ਼ ਕਲੋਨੀਆਂ ਅਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਜ਼ੀਰਕਪੁਰ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਚੌਧਰੀ ਵੱਲੋਂ ਮੁਹਿੰਮ ਵਿੱਢੀ ਗਈ ਸੀ। ਉਨ੍ਹਾਂ ਵੱਲੋਂ ਇਸ ਖ਼ਿਲਾਫ਼ ਰੋਸ ਮੁਜ਼ਾਹਰੇ ਕਰਨ ਤੋਂ ਇਲਾਵਾ ਸਬੂਤਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ, ਵਿਭਾਗ ਦੇ ਮੰਤਰੀ ਅਤੇ ਮੁੱਖ ਮੰਤਰੀ ਨੂੰ ਵਾਰ-ਵਾਰ ਸ਼ਿਕਾਇਤ ਕੀਤੇ ਜਾਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਸੀ। ਮੁੱਖ ਮੰਤਰੀ ਦੇ ਹੁਕਮਾਂ ’ਤੇ ਮਾਮਲੇ ਦੀ ਜਾਂਚ ਏਡੀਸੀ ਮੁਹਾਲੀ ਕੋਮਲ ਮਿੱਤਲ ਨੂੰ ਦਿੱਤੀ ਗਈ ਸੀ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਅੱਜ 23 ਨਾਜਾਇਜ਼ ਕਲੋਨੀਆਂ ਦੀ ਸੂਚੀ ਜਾਰੀ ਕਰਦਿਆਂ ਇਨ੍ਹਾਂ ਸਬੰਧੀ ਰਜਿਸਟਰੀਆਂ ’ਤੇ ਰੋਕ ਲਾਉਣ ਲਈ ਮਾਲ ਵਿਭਾਗ ਨੂੰ ਪੱਤਰ ਲਿਖਿਆ ਹੈ। ਉਕਤ ਕਲੋਨੀਆਂ ਵਿੱਚੋਂ ਜ਼ਿਆਦਾਤਰ ਵਿੱਚ ਲੋਕ ਮਕਾਨ ਬਣਾ ਕੇ ਰਹਿ ਰਹੇ ਹਨ ਅਤੇ ਵੱਡੀ ਗਿਣਤੀ ਲੋਕਾਂ ਨੇ ਇਨ੍ਹਾਂ ਕਲੋਨੀਆਂ ਵਿਚ ਨਿਵੇਸ਼ ਕੀਤਾ ਹੋਇਆ ਹੈ। ਸੁਖਦੇਵ ਚੌਧਰੀ ਨੇ ਕਿਹਾ ਕਿ ਸ਼ਹਿਰ ਵਿੱਚ ਸੈਂਕੜੇ ਨਾਜਾਇਜ਼ ਕਲੋਨੀਆਂ ਅਤੇ ਨਾਜਾਇਜ਼ ਉਸਾਰੀਆਂ ਹਨ ਪਰ ਏਡੀਸੀ ਵੱਲੋਂ ਹਾਲੇ ਸਿਰਫ਼ 23 ਕਲੋਨੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਵਿਚਲੀਆਂ ਨਾਜਾਇਜ਼ ਕਲੋਨੀਆਂ ਦੀ ਵਿਜੀਲੈਂਸ ਤੋਂ ਜਾਂਚ ਕਰਵਾਏ ਜਾਣ ’ਤੇ ਅਰਬਾਂ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਹੋ ਸਕਦਾ ਹੈ।
ਕੀ ਕਹਿੰਦੇ ਨੇ ਅਧਿਕਾਰੀ
ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਨੂੰ ਏਡੀਸੀ ਮੁਹਾਲੀ ਵੱਲੋਂ ਨਾਜਾਇਜ਼ ਕਲੋਨੀਆਂ ਦੀਆਂ ਰਜਿਸਟਰੀਆਂ ’ਤੇ ਰੋਕ ਲਾਉਣ ਸਬੰਧੀ ਹਦਾਇਤ ਬਾਰੇ ਪੱਤਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਜਾਰੀ ਕੀਤੀ ਸੂਚੀ ਵਿੱਚ ਇਨ੍ਹਾਂ ਕਲੋਨੀਆਂ ਦੇ ਖ਼ਸਰਾ ਨੰਬਰ ਦੇ ਵੇਰਵੇ ਨਹੀਂ ਹਨ, ਇਸ ਵਾਸਤੇ ਕੌਂਸਲ ਨੂੰ ਪੱਤਰ ਲਿਖ ਕੇ ਇਨ੍ਹਾਂ ਕਲੋਨੀਆਂ ਦੇ ਖ਼ਸਰਾ ਨੰਬਰ ਮੰਗੇ ਗਏ ਹਨ ਤਾਂ ਜੋ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।