ਵਧੀਕ ਮੁੱਖ ਸਕੱਤਰ ਵੱਲੋਂ ਸੀਈਟੀ ਪ੍ਰਬੰਧਾਂ ਦੀ ਸਮੀਖਿਆ
ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ 26 ਤੇ 27 ਜੁਲਾਈ ਨੂੰ ਹੋਣ ਵਾਲੀ ਸੀਈਟੀ ਪ੍ਰੀਖਿਆ ਲਈ ਪੰਚਕੂਲਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੂੰ ਨਿਰਦੇਸ਼ ਕੀਤੇ ਕਿ ਇਸ ਸਬੰਧੀ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ। ਡਾ. ਮਿਸ਼ਰਾ ਨੇ ਪੁਲੀਸ ਨੂੰ ਸਖਤ ਨਿਗਰਾਨੀ ਰੱਖਣ ਅਤੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਪ੍ਰਤੀ ਨਿਮਰਤਾ ਨਾਲ ਵਿਹਾਰ ਕਰਨ ਦਾ ਨਿਰਦੇਸ਼ ਦਿੱਤਾ। ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਪ੍ਰੀਖਿਆ ਕੇਂਦਰਾਂ 'ਤੇ ਸਮੇਂ ਤੋਂ ਪਹਿਲਾਂ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਉਮੀਦਵਾਰ ਨੂੰ ਮੁਸ਼ਕਲ ਹੋਣ 'ਤੇ ਉਹ ਸਹਾਇਤਾ ਲਈ ਨੇੜੇ ਪੁਲਿਸ ਕਰਮਚਾਰੀ ਨਾਲ ਸੰਪਰਕ ਕਰ ਸਕਦੇ ਹਨ। ਪੁਲੀਸ ਨੂੰ ਨਿਰਦੇਸ਼ ਦਿੱਤੇ ਗਏ ਕਿ ਉਮੀਦਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਆਉਣ 'ਤੇ ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਾਉਣ। ਉਮੀਦਵਾਰਾਂ ਦੀ ਸਹੂਲਤ ਲਈ ਬੱਸ ਅੱਡੇ ਅਤੇ ਹੋਰ ਪ੍ਰਮੁੱਖ ਥਾਵਾਂ 'ਤੇ ਹੈਲਪ ਡੈਸਕ ਸਥਾਪਿਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਉਮੀਦਵਾਰਾਂ ਅਤੇ ਮਾਪਿਆਂ ਤੋਂ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਹੋ ਰਹੇ ਫਰਜ਼ੀ ਸੰਦੇਸ਼ਾਂ, ਪੱਤਰਾਂ ਜਾਂ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਵੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਦੱਸਿਆ ਕਿ ਪੰਚਕੂਲਾ ਜ਼ਿਲ੍ਹਾ ਸੀਈਟੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾ ਤਿਆਰ ਹੈ। ਪੰਚਕੂਲਾ, ਸੈਕਟਰ-5 ਬੱਸ ਅੱਡੇ ਤੋਂ ਉਮੀਦਵਾਰਾਂ ਨੂੰ ਉਨ੍ਹਾਂ ਦੇ ਪ੍ਰੀਖਿਆ ਕੇਂਦਰ ਤੱਕ ਪਹੁੰਚਾਉਣ ਲਈ 108 ਤੋਂ ਵੱਧ ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ। ਪ੍ਰੀਖਿਆ ਪ੍ਰੋਗਰਾਮ ਅਨੁਸਾਰ, ਕਾਲਕਾ, ਮੋਰਨੀ, ਬਰਵਾਲਾ ਅਤੇ ਰਾਏਪੁਰ ਰਾਣੀ ਤੋਂ ਵਿਸ਼ੇਸ਼ ਬੱਸਾਂ ਵੀ ਰਵਾਨਾ ਹੋਣਗੀਆਂ।