ਪ੍ਰਸ਼ਾਸਨ ਵੱਲੋਂ 1600 ਸਿਵਲ ਡਿਫੈਂਸ ਵਾਲੰਟੀਅਰਾਂ ਦੀ ਸਿਖਲਾਈ ਸ਼ੁਰੂ
ਆਤਿਸ਼ ਗੁਪਤਾ
ਚੰਡੀਗੜ੍ਹ, 21 ਜੂਨ
ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪਰੈਲ ਨੂੰ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਬਣੇ ਹਾਲਾਤ ਨੂੰ ਦੇਖਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ 1600 ਸਿਵਲ ਡਿਫੈਂਸ ਵਾਲੰਟੀਅਰ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਾਲੰਟੀਅਰਾਂ ਨੂੰ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਅੱਜ ਤੋਂ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਮਗਸੀਪਾ ਵਿੱਚ ਵਿਸ਼ੇਸ਼ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ ਹੈ। ਸ੍ਰੀ ਕਟਾਰੀਆ ਨੇ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਨੂੰ ਸੰਕਟ ਦੇ ਸਮੇਂ ਤੇਜ਼ੀ ਨਾਲ ਅਤੇ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਲੋਕਾਂ ਦੀ ਰੱਖਿਆ ਕਰਨ ਦੀ ਦਿਸ਼ਾਂ ਵਿੱਚ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਟਰੇਨਿੰਗ ਮਗਰੋਂ ਜੰਗ ਅਤੇ ਕਿਸੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਤਾਇਨਾਤ ਕੀਤਾ ਜਾਵੇਗਾ। ਇਸ ਦੌਰਾਨ ਵਾਲੰਟੀਅਰਾਂ ਨੂੰ ਦੇਸ਼ ਰੱਖਿਆ ਲਈ ਤਿਆਰ ਰਹਿਣ ਦੀ ਸਹੁੰ ਵੀ ਚੁਕਾਈ ਗਈ।
ਸ੍ਰੀ ਕਟਾਰੀਆ ਨੇ ਕਿਹਾ ਕਿ ਟਰੇਨਿੰਗ ਪ੍ਰੋਗਰਾਮ ਵਿੱਚ ਐਮਰਜੈਂਸੀ ਹਾਲਾਤ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ, ਮੁੱਢਲੀ ਸਹਾਇਤਾ ਦੇਣ, ਅੱਗ ਬੁਝਾਉਣ ਅਤੇ ਭੀੜ ਪ੍ਰਬੰਧਨ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸ ਦਾ ਉਦੇਸ਼ ਆਮ ਨਾਗਰਿਕਾਂ ਨੂੰ ਆਫ਼ਤਾਂ ਦਾ ਸਾਹਮਣਾ ਕਰਨ ਵਿੱਚ ਕੁਸ਼ਲ ਤੇ ਤੁਰੰਤ ਜਵਾਬ ਦੇਣ ਲਈ ਤਿਆਰ ਕਰਨਾ ਹੈ। ਰਾਜਪਾਲ ਨੇ ਨੌਜਵਾਨਾਂ ਨੂੰ ਇਸ ਟਰੇਨਿੰਗ ਰਾਹੀਂ ਜ਼ਿੰਦਗੀ ਭਰ ਲੋਕ ਹਿੱਤ ਵਿੱਚ ਮਦਦ ਕਰਨ ਲਈ ਹਰ ਸਮੇਂ ਤਿਆਰ ਰਹਿਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਭਾਰਤ ਦੇਸ਼ ਦੀ ਤਾਕਤ ਹਨ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਵਿਚਕਾਰ ਬਣੇ ਜੰਗਨੁਮਾ ਹਾਲਾਤ ਨੇ ਨੌਜਵਾਨਾਂ ਦੇ ਜੋਸ਼ ਨੂੰ ਸਭ ਦੇ ਸਾਹਮਣੇ ਲਿਆਂਦਾ ਸੀ। ਉਸ ਸਮੇਂ ਨੌਜਵਾਨਾਂ ਦੇ ਜੋਸ਼ ਤੇ ਉਤਸ਼ਾਹ ਨੇ ਸਪਸ਼ਟ ਕਰ ਦਿੱਤਾ ਸੀ ਕਿ ਭਾਰਤ ਦਾ ਨੌਜਵਾਨ ਕਿਸੇ ਵੀ ਹਾਲਾਤ ਦਾ ਬੇਫ਼ਿਕਰੀ ਨਾਲ ਸਾਹਮਣਾ ਕਰ ਸਕਦਾ ਹੈ।
ਜਾਣਕਾਰੀ ਅਨੁਸਾਰ ਇਹ ਟਰੇਨਿੰਗ ਪ੍ਰੋਗਰਾਮ ਛੇ ਦਿਨਾਂ ਦਾ ਹੋਵੇਗਾ, ਜਿਸ ਵਿੱਚ ਚਾਰ ਬੈਚ ਬਣਾ ਕੇ ਨੌਜਵਾਨਾਂ ਨੂੂੰ ਸਿਖਲਾਈ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਕਿਸੇ ਵੀ ਐਮਰਜੈਂਸੀ ਹਾਲਾਤ ਜਾਂ ਐਮਰਜੈਂਸੀ ਦੌਰਾਨ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਜਾਂ ਪ੍ਰਸ਼ਾਸਨਿਕ ਕੰਮਕਾਜ ਵਿੱਚ ਸਹਿਯੋਗ ਕਰਨ ਲਈ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੇਨਿੰਗ ਦੌਰਾਨ ਵਾਲੰਟੀਅਰਾਂ ਨੂੰ ਅੱਗਜ਼ਨੀ, ਦੁਸ਼ਮਣ ਹਮਲੇ ਨਾਲ ਨਜਿੱਠਣ ਬਾਰੇ ਟਰੇਨਿੰਗ ਦਿੱਤੀ ਜਾਵੇਗੀ।