ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ: ਰੰਧਾਵਾ
ਸਰਬਜੀਤ ਸਿੰਘ ਭੱਟੀ
ਲਾਲੜੂ, 1 ਜੁਲਾਈ
ਇੱਥੇ ਦੋ-ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਪਹਾੜੀ ਖੇਤਰਾਂ ਤੋਂ ਆ ਰਹੇ ਪਾਣੀ ਕਾਰਨ ਡੇਰਾਬੱਸੀ ਹਲਕੇ ਵਿਚ ਘੱਗਰ ਦਰਿਆ ਤੇ ਨਦੀਆਂ ਨਾਲੇ ਨੱਕੋ-ਨੱਕ ਭਰ ਕੇ ਵਗ ਰਹੇ ਹਨ। ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਹੜ੍ਹ ਰੋਕੂ ਪ੍ਰਬੰਧਾਂ ਦੀਆਂ ਅਗਾਊਂ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਨਿਰੀਖਣ ਕੀਤਾ। ਉਨ੍ਹਾਂ ਹਲਕੇ ਦੇ ਲੋਕਾਂ ਦੇ ਜਾਨ-ਮਾਲ ਤੇ ਪਸ਼ੂਆਂ ਦੀ ਰਾਖੀ ਲਈ ਹੜ੍ਹਾਂ ਤੋਂ ਰੋਕਥਾਮ ਵਾਸਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਹਰ ਲੋੜੀਂਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਲਾਲੜੂ ਖੇਤਰ ਦੇ ਪਿੰਡ ਟਿਵਾਣਾ ਵਿੱਚ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਤੋਂ ਘੱਗਰ ਦਰਿਆ ਵਿੱਚ ਪਾਣੀ ਦੇ ਵਧ ਰਹੇ ਪੱਧਰ ਬਾਰੇ ਜਾਣਕਾਰੀ ਲਈ ਤੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ ਬੰਨ੍ਹ ਬਾਰੇ ਚਰਚਾ ਕੀਤੀ।
ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਨੀਵੇਂ ਇਲਾਕਿਆਂ ਵਿੱਚ ਪਾਣੀ ਦੇ ਨਿਕਾਸ ਪ੍ਰਬੰਧ ਬਹਾਲ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਹਲਕੇ ਵਿੱਚ ਚੌਕਸ ਹਨ।
ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਵਾਰਡ ਪੱਧਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪਾਰਟੀ ਵਾਲੰਟੀਅਰਾਂ ਦੀਆਂ ਟੀਮਾਂ ਕੰਮ ਰਹੀਆਂ ਹਨ।