ਨੌਜਵਾਨਾਂ ਨੂੰ ਸਿਖਲਾਈ ਦੇਵੇਗਾ ਪ੍ਰਸ਼ਾਸਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਈ
ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋ ਚੁੱਕੀ ਹੈ। ਇਸ ਦੇ ਬਾਵਜੂਦ ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਦੇ ਨੌਜਵਾਨਾਂ ਨੂੰ ਆਫ਼ਤ ਪ੍ਰਬੰਧਨ ਨਾਲ ਨਜਿੱਠਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਕਿਸਮ ਦੇ ਹਮਲੇ ਜਾਂ ਆਫ਼ਤ ਆਉਣ ’ਤੇ ਉਸ ਦਾ ਸਾਹਮਣਾ ਕੀਤਾ ਜਾ ਸਕੇ।
ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਵੱਲੋਂ ਸ਼ਨਿਚਰਵਾਰ ਨੂੰ ਸਿਵਲ ਡਿਫੈਂਸ ਵਾਲੰਟੀਅਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਸੀ। ਇਸ ਦੌਰਾਨ 3800 ਦੇ ਕਰੀਬ ਨੌਜਵਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ ਜਦੋਂਕਿ ਹੁਣ ਯੂਟੀ ਪ੍ਰਸ਼ਾਸਨ ਵੱਲੋਂ ‘ਮੇਰਾ ਭਾਰਤ’ ਐਪ ਰਾਹੀਂ ਹੋਰਨਾਂ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ। ਇਨ੍ਹਾਂ ਨੌਜਵਾਨਾਂ ਨੂੰ ਪ੍ਰਸ਼ਾਸਨ ਵੱਲੋਂ ਇੱਕ-ਇੱਕ ਹਫ਼ਤੇ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਤਣਾਅ ਕਰ ਕੇ ਪਾਕਿਸਤਾਨ ਵੱਲੋਂ ਚੰਡੀਗੜ੍ਹ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸੇ ਕਰ ਕੇ ਯੂਟੀ ਪ੍ਰਸ਼ਾਸਨ ਭਵਿੱਖ ਵਿੱਚ ਕਦੇ ਵੀ ਅਜਿਹੀ ਘਟਨਾ ਨਾਲ ਨਜਿੱਠਣ ਲਈ ਨੌਜਵਾਨਾਂ ਨੂੰ ਪਹਿਲਾਂ ਹੀ ਤਿਆਰ ਕਰ ਰਿਹਾ ਹੈ। ਇਸ ਲਈ ਯੂਟੀ ਪ੍ਰਸ਼ਾਸਨ ਵੱਲੋਂ ਹਰ ਪਿੰਡ ਅਤੇ ਸੈਕਟਰ ਵਿੱਚ ਸੈਲਫ ਡਿਫੈਂਸ ਆਲੰਟੀਅਰ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵੱਲੋਂ ਆਫ਼ਤ ਆਉਣ ’ਤੇ ਆਪਣੇ ਇਲਾਕੇ ਵਿੱਚ ਮੋਹਰੀ ਹੋ ਕੇ ਲੋਕਾਂ ਦੀ ਸੇਵਾ ਕੀਤੀ ਜਾ ਸਕੇ। ਇਸ ਵਿੱਚ ਨੌਜਵਾਨਾਂ ਨੂੰ ਅੱਗ ਲੱਗਣ ਦੀ ਘਟਨਾ ਜਾਂ ਹੋਰ ਐਮਰਜੈਂਸੀ ਦੇ ਹਾਲਾਤ ਨਾਲ ਨਜਿੱਠਣ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਨੌਜਵਾਨਾਂ ਨੂੰ ਕਿਸੇ ਵੀ ਕਿਸਮ ਦੀ ਆਫ਼ਤ ਨਾਲ ਨਜਿੱਠਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।