ਪੱਤਰ ਪ੍ਰੇਰਕ
ਚੰਡੀਗੜ੍ਹ, 5 ਅਗਸਤ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬਿਮਾਰ ਹੋਣ ਕਾਰਨ ਉਨ੍ਹਾਂ ਦਾ ਵੀਰਵਾਰ ਨੂੰ ਟੈਸਟ ਕੀਤਾ ਗਿਆ ਸੀ। ਉਨ੍ਹਾਂ ਦੀ ਟੈਸਟ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਵਿੱਚ ਕਰੋਨਾ ਦੇ ਕੋਈ ਗੰਭੀਰ ਲੱਛਣ ਸਾਹਮਣੇ ਨਹੀਂ ਆਏ ਪਰ ਫਿਰ ਵੀ ਉਹ ਆਪਣੀ ਰਿਹਾਇਸ਼ ਉੱਤੇ ਇਕਾਂਤਵਾਸ ਹੋ ਗਏ ਹਨ। ਯੂਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਰੇਕ ਵਿਅਕਤੀ ਨੂੰ ਕਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਟਰਾਈਸਿਟੀ ਵਿੱਚ ਕਰੋਨਾ ਕੇਸ ਮੁੜ ਵਧਣੇ ਸ਼ੁਰੂ ਹੋ ਗਏ ਹਨ। ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਅਹਤਿਆਤ ਵਰਤਣ ਦੀ ਸਲਾਹ ਦਿੱਤੀ ਗਈ ਹੈ ਤੇ ਸਮਾਜਿਕ ਦੂਰੀ ਕਾਇਮ ਰੱਖਦਿਆਂ ਮਾਸਕ ਪਹਿਨਣ ਲਈ ਕਿਹਾ ਗਿਆ ਹੈ।