ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਸ਼ਾਸਕ ਨੇ ਜਨਤਾ ਦਰਬਾਰ ’ਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਅਧਿਕਾਰੀਆਂ ਨੂੰ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਦੇ ਹੁਕਮ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ।
Advertisement
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ-ਕਾਜ ਕਰਵਾਉਣ ਸਮੇਂ ਪੇਸ਼ ਆਉਣ ਵਾਲੀਆਂ ਦਿੱਕਤਾਂ ਨੂੰ ਦੂਰ ਕਰਨ ਦੇ ਮਕਸਦ ਨਾਲ ਅੱਜ ਯੂਟੀ ਸਕੱਤਰੇਤ ਵਿੱਚ ਪਹਿਲਾ ਜਨਤਾ ਦਰਬਾਰ ਲਗਾਇਆ ਗਿਆ। ਇਸ ਦੌਰਾਨ ਚੰਡੀਗੜ੍ਹ ਦੇ ਦਰਜਨਾਂ ਲੋਕਾਂ ਨੇ ਪਹੁੰਚ ਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਮਿਲਣ ਵਿੱਚ ਹੋ ਰਹੀ ਦੇਰੀ ਅਤੇ ਸਰਕਾਰੀ ਕੰਮਾਂ ਵਿੱਚ ਦੇਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਚੁੱਕਿਆ।

ਯੂਟੀ ਦੇ ਪ੍ਰਸ਼ਾਸਕ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਯੂਟੀ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਮੱਸਿਆਵਾਂ ਨੂੰ ਸੁਣਨਾ ਅਤੇ ਇਨ੍ਹਾਂ ਦਾ ਹੱਲ ਕਰਨਾ ਵਧੇਰੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਦੇ ਕੰਮ-ਕਾਜ ਦੀ ਜਾਣਕਾਰੀ ਹੋਣਾ ਜ਼ਰੂਰੀ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ।

Advertisement

ਸ੍ਰੀ ਕਟਾਰੀਆ ਨੇ ਕਿਹਾ ਕਿ ‘ਮੈਂ ਲੋਕਾਂ ਦਾ ਸੇਵਕ ਹਾਂ ਅਤੇ ਉਨ੍ਹਾਂ ਦੀ ਸੇਵਾ ਕਰਨਾ ਮੇਰੀ ਜ਼ਿੰਮੇਵਾਰੀ ਹੈ। ਇਸ ਕੁਰਸੀ ’ਤੇ ਬੈਠ ਕੇ ਕੁਰਸੀ ਦੀ ਲਾਜ ਰੱਖਣਾ ਵੀ ਮੇਰਾ ਅਹਿਮ ਫ਼ਰਜ਼ ਹੈ।’ ਸ੍ਰੀ ਕਟਾਰੀਆ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਹੈ ਤਾਂ ਉਹ ਹਰ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 9 ਵਿੱਚ ਸਥਿਤ ਯੂਟੀ ਸਕੱਤਰੇਤ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਬਾਅਦ ਪ੍ਰਸ਼ਾਸਕ ਨੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ।

ਜ਼ਿਕਰਯੋਗ ਹੈ ਕਿ ਯੂਟੀ ਦੇ ਪ੍ਰਸ਼ਾਸਕ ਨੇ ਪਿਛਲੇ ਦਿਨੀਂ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ, ਐੱਸਐੱਸਪੀ ਤੇ ਨਿਗਮ ਕਮਿਸ਼ਨਰ ਨੂੰ ਹਰ ਸੋਮਵਾਰ, ਬੁੱਧਵਾਰ ਤੇ ਸ਼ੁੱਕਰਵਾਰ ਨੂੰ 11 ਤੋਂ 12 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਨ੍ਹਾਂ ਦਾ ਯਕੀਨੀ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਕ ਨੇ ਹਰ ਬੁੱਧਵਾਰ ਨੂੰ ਯੂਟੀ ਸਕੱਤਰੇਤ ਵਿੱਚ ਖ਼ੁਦ ਜਨਤਾ ਦਰਬਾਰ ਲਗਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿੱਚ ਸਾਰੇ ਅਧਿਕਾਰੀ ਵੀ ਮੌਜੂਦ ਰਹਿਣਗੇ।

ਭਾਜਪਾ ਨੇ ਸ਼ਹਿਰ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ

ਚੰਡੀਗੜ੍ਹ ਭਾਜਪਾ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਜਨਤਾ ਦਰਬਾਰ ਵਿੱਚ ਪਹੁੰਚ ਕੇ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ ਆਗੂਆਂ ਨੇ ਸ਼ਹਿਰ ਦਾ ਸੁਰੱਖਿਆ ਦਾ ਮੁੱਦਾ ਚੁੱਕਿਆ। ਇਸ ਤੋਂ ਇਲਾਵਾ ਹਾਊਸਿੰਗ ਬੋਰਡ ਦੇ ਘਰਾਂ ਵਿੱਚ ਲੋੜ ਅਨੁਸਾਰ ਤਬਦੀਲੀਆਂ ਤੇ ਲੀਜ਼ਹੋਲਡ ਜਾਇਦਾਦਾਂ ਨੂੰ ਫ਼ਰੀਹੋਲਡ ਵਿੱਚ ਬਦਲਣ ਦੇ ਮਾਮਲੇ ਵੀ ਪ੍ਰਸ਼ਾਸਕ ਅੱਗੇ ਰੱਖੇ ਗਏ। ਭਾਜਪਾ ਨੇ ਸ਼ਹਿਰ ਵਿੱਚ ਜਨਤਕ ਟਰਾਂਸਪੋਰਟ ਸਿਸਟਮ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਸ੍ਰੀ ਕਟਾਰੀਆ ਨੇ ਭਾਜਪਾ ਆਗੂਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਨ੍ਹਾਂ ਸਾਰਿਆਂ ਵਿਸ਼ਿਆਂ ’ਤੇ ਪ੍ਰਸ਼ਾਸਕੀ ਪੱਧਰ ’ਤੇ ਜਲਦੀ ਕਾਰਵਾਈ ਕੀਤੀ ਜਾਵੇਗੀ।

 

Advertisement