ਚੰਡੀਗੜ੍ਹ ਵਿੱਚ ਪ੍ਰਸ਼ਾਸਕ ਲਹਿਰਾਉਣਗੇ ਤਿਰੰਗਾ
ਯੂਟੀ ਪ੍ਰਸ਼ਾਸਨ ਵੱਲੋਂ 79ਵੇਂ ਆਜ਼ਾਦੀ ਦਿਹਾੜੇ ਮੌਕੇ ਸੈਕਟਰ-17 ਸਥਿਤ ਪਰੇਡ ਗਰਾਉਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕੌਮੀ ਝੰਡਾ ਲਹਿਰਾਉਣਗੇ। ਯੂਟੀ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਪਰ ਅੱਜ ਦਿਨ ਭਰ ਪਏ ਮੀਂਹ ਨੇ ਸਾਰੀਆਂ ਤਿਆਰੀਆਂ ਦੇ ਰੰਗ ਵਿੱਚ ਭੰਗ ਪਾ ਦਿੱਤਾ ਹੈ। ਮੀਂਹ ਕਰਕੇ ਪਰੇਡ ਗਰਾਊਂਡ ਗਿੱਲਾ ਹੋ ਗਿਆ ਹੈ, ਪ੍ਰਸ਼ਾਸਨ ਵੱਲੋਂ ਮੈਦਾਨ ਨੂੰ ਸੁਕਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਜਦੋਂ ਕਿ ਮੌਸਮ ਵਿਗਿਆਨੀਆਂ ਨੇ 15 ਅਗਸਤ ਨੂੰ ਵੀ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨੂੰ ਵੇਖਦਿਆਂ ਹੀ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਹਨ। ਪੁਲੀਸ ਨੇ ਵੀ ਆਜ਼ਾਦੀ ਦਿਹਾੜੇ ਦੇ ਚਲਦਿਆਂ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਹੈ। ਇਸ ਦੌਰਾਨ ਸ਼ਹਿਰ ਦੇ ਚੱਪੇ-ਚੱਪੇ ’ਤੇ ਪੁਲੀਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
18 ਪੁਲੀਸ ਅਧਿਕਾਰੀਆਂ ਨੂੰ ਸਨਮਾਨਿਆ ਜਾਵੇਗਾ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਜ਼ਾਦੀ ਦਿਹਾੜੇ ’ਤੇ ਸਮਾਗਮ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ 34 ਅਧਿਕਾਰੀਆਂ ਤੇ ਸਮਾਜ ਸੇਵੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪ੍ਰਸ਼ਾਸਕ ਵੱਲੋਂ ਚੰਡੀਗੜ੍ਹ ਪੁਲੀਸ ਦੇ 18 ਪੁਲੀਸ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਲਈ ਪ੍ਰਸ਼ਾਸਕ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।