ਮੁਕੇਸ਼ ਕੁਮਾਰ
ਚੰਡੀਗੜ੍ਹ, 30 ਅਗਸਤ
ਕਰੋਨਾਵਾਇਰਸ ਦੀ ਤੀਜੀ ਲਹਿਰ ਦੇ ਖ਼ਤਰੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਬਿਨਾਂ ਕੋਵਿਡ ਵੈਕਸੀਨੇਸ਼ਨ ਅਤੇ ਮਾਸਕ ਨਾ ਪਹਿਨਣ ਵਾਲਿਆਂ ਦੇ ਹੁਣ ਸਰਕਾਰੀ ਦਫ਼ਤਰ ਵਿੱਚ ਕੰਮ ਨਹੀਂ ਹੋਣਗੇ। ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜਿੱਥੇ ਪ੍ਰਸ਼ਾਸਨ ਦੇ ਦਫ਼ਤਰਾਂ ਵਿੱਚ ਆਪਣੇ ਕਾਰਜਾਂ ਲਈ ਪੁੱਜਣ ਵਾਲਿਆਂ ਲਈ ਕੋਵਿਡ ਵੈਕਸੀਨੇਸ਼ਨ ਜਾਂ ਤਿੰਨ ਦਿਨ ਪਹਿਲਾਂ ਦਾ ਕਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਸੀ, ਹੁਣ ਪ੍ਰਸ਼ਾਸਨ ਵੱਲੋਂ ਅਹਤਿਆਤ ਵਜੋਂ ਚੰਡੀਗੜ੍ਹ ਦੀ ਵਾਹਨ ਰਜਿਸਟਰੇਸ਼ਨ ਤੇ ਲਾਇਸੈਂਸਿੰਗ ਅਥਾਰਿਟੀ (ਆਰਐੱਲਏ) ਦਫ਼ਤਰ ਵਿੱਚ ਨਵਾਂ ਨਿਯਮ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਭਲਕੇ 31 ਅਗਸਤ ਤੋਂ ਆਰਐੱਲਏ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਕੇਵਲ ਉਨ੍ਹਾਂ ਲੋਕਾਂ ਨੂੰ ਹੀ ਦਾਖ਼ਲਾ ਮਿਲੇਗਾ ਜਿਨ੍ਹਾਂ ਨੂੰ ਕਰੋਨਾ ਵੈਕਸੀਨ ਦੀ ਘੱਟ ਤੋਂ ਘੱਟ ਪਹਿਲੀ ਡੋਜ਼ ਲੱਗ ਚੁੱਕੀ ਹੋਵੇਗੀ ਜਾਂ 72 ਘੰਟੇ ਪਹਿਲਾਂ ਦੀ ਆਰਟੀਪੀਸੀਆਰ (ਕਰੋਨਾ) ਰਿਪੋਰਟ ਨੈਗੇਟਿਵ ਹੋਵੇਗੀ। ਜ਼ਿਕਰਯੋਗ ਹੈ ਕਿ ਕਰੋਨਾਵਾਇਰਸ ਨੂੰ ਲਾ ਕੇ ਜਾਰੀ ਪਾਬੰਦੀਆਂ ਤੋਂ ਬਾਅਦ ਹੁਣ ਖੁੱਲ੍ਹ ਚੁੱਕੇ ਸਰਕਾਰੀ ਅਦਾਰਿਆਂ ਵਿੱਚ ਕੰਮ ਆਮ ਦਿਨਾਂ ਵਾਂਗ ਸ਼ੁਰੂ ਹੋ ਗਿਆ ਹੈ ਅਤੇ ਸ਼ਹਿਰ ਵਾਸੀ ਸਬੰਧਤ ਦਫ਼ਤਰਾਂ ’ਚ ਪਹੁੰਚ ਰਹੇ ਹਨ। ਅਜਿਹੀ ਸਥਿਤੀ ਵਿੱਚ ਕਰੋਨਾ ਫੈਲਣ ਦੇ ਖ਼ਤਰੇ ਕਾਰਨ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ।
ਕਰੋਨਾ ਤੋਂ ਬਚਾਅ ਲਈ ਕੀਤੀ ਗਈ ਵਿਵਸਥਾ: ਅਧਿਕਾਰੀ
ਅਧਿਕਾਰੀ ਪਰਦੁੱਮਨ ਸਿੰਘ ਨੇ ਕਿਹਾ ਕਿ ਕਰੋਨਾਵਾਇਰਸ ਤੋਂ ਬਚਾਅ ਲਈ ਆਰਐੱਲਏ ਵਿੱਚ ਇਹ ਵਿਵਸਥਾ ਭਲਕੇ 31 ਅਗਸਤ ਤੋਂ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਰਐੱਲਏ ਵਿੱਚ ਵਾਹਨ ਰਜਿਸਟਰੇਸ਼ਨ ਜਾਂ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਆਉਣ ਵਾਲੇ ਵਿਅਕਤੀ ਆਪਣੇ ਵੈਕਸੀਨੇਸ਼ਨ ਸਰਟੀਫਿਕੇਟ ਜਾਂ 72 ਘੰਟੇ ਪਹਿਲਾਂ ਦੀ ਆਰਟੀਪੀਸੀਆਰ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣ ਤੇ ਅਜਿਹਾ ਨਾ ਹੋਣ ’ਤੇ ਉਨ੍ਹਾਂ ਨੂੰ ਆਰਐੱਲਏ ਦਫ਼ਤਰ ਅੰਦਰ ਦਾਖ਼ਲਾ ਨਹੀਂ ਮਿਲੇਗਾ।