ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੂਨ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਨਵੇਂ ਸਲਾਹਕਾਰ ਸਾਲ 1988 ਬੈਚ ਦੇ ਆਈਏਐੱਸ ਅਧਿਕਾਰੀ ਧਰਮਪਾਲ ਨੇ ਅੱਜ ਅਹੁਦਾ ਸਾਂਭ ਲਿਆ ਹੈ। ਨਵੇਂ ਸਲਾਹਕਾਰ ਨੇ ਅਹੁਦਾ ਸਾਂਭਦੇ ਹੀ ਯੂਟੀ ਦੇ ਪ੍ਰਸ਼ਾਸਕ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਆਮਦ ’ਤੇ ਗਾਰਡ ਆਫ ਆਨਰ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਯੂਟੀ ਗੈਸਟ ਹਾਊਸ ਵਿੱਚ ਗ੍ਰਹਿ ਸਕੱਤਰ ਅਰੁਣ ਕੁਮਾਰ ਗੁਪਤਾ, ਵਿੱਤ ਸਕੱਤਰ ਵਿਜੈ ਨਾਮਦੇਵ ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਵਾਗਤ ਕੀਤਾ।
ਨਵੇਂ ਸਲਾਹਕਾਰ ਧਰਮਪਾਲ ਨੇ ਆਪਣਾ ਅਹੁਦਾ ਸਾਂਭਦੇ ਹੀ ਯੂਟੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਸ਼ਹਿਰ ਵਿੱਚ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ (ਪੈੱਕ) ਵਿੱਚੋਂ ਸਿੱਖਿਆ ਹਾਸਲ ਕੀਤੀ ਹੈ। ਇਸ ਲਈ ਚੰਡੀਗੜ੍ਹ ਨਾਲ ਉਨ੍ਹਾਂ ਦਾ ਪੁਰਾਣਾ ਸਬੰਧ ਹੈ। ਇਸ ਨਾਲ ਸ਼ਹਿਰ ਦਾ ਵਿਕਾਸ ਕਰਨ ਵਿੱਚ ਆਸਾਨੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਿੱਖਿਆ ਅਤੇ ਸਿਹਤ ਪ੍ਰਬੰਧਾਂ ਵਿੱਚ ਸੁਧਾਰ ਨੂੰ ਪਹਿਲ ਦਿੱਤੀ ਜਾਵੇਗੀ।
ਯੂਟੀ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਧਰਮਪਾਨ ਨੇ ਦੇਰ ਸ਼ਾਮ ਸ਼ਹਿਰ ਵਿੱਚ ਪ੍ਰਸ਼ਾਸਨਿਕ ਅਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕਰੋਨਾ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਰੋਨਾ ਦੀ ਤੀਜੀ ਲਹਿਰ ਦੀ ਆਮਦ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਦਿੱਤੀ ਹੈ। ਸਲਾਹਕਾਰ ਨੇ ਕਿਹਾ ਕਿ ਸੁਖਨਾ ਚੋਅ, ਰੋੜ ਗਲੀਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾਵੇ।