ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਸਤੰਬਰ
ਸਟੂਡੈਂਟਸ ਆਰਗੇਨਾਈਜ਼ੇਸ਼ਨ (ਸਾਥ) ਨੇ ਖੇਤੀ ਬਿੱਲਾਂ ਦੇ ਮੁੱਦੇ ’ਤੇ ਪੰਜਾਬ ਦੇ ਨੌਜਵਾਨਾਂ ਨੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪੈਦਲ ਮਾਰਚ ਕੀਤਾ। ਜਿਸ ’ਚ ਗਾਇਕਾ ਅਫ਼ਸਾਨਾ ਖਾਨ, ਰੁਪਿੰਦਰ ਹਾਂਡਾ ਤੇ ਗਾਇਕ ਸਿੱਧੂ ਮੂਸੇਵਾਲਾ ਫੈਨ ਕਲੱਬ ਦੇ ਮੈਂਬਰਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਮੌਕੇ ਕਿਰਪਾਲ ਸਿੰਘ, ਕਰਮਜੀਤ ਸਿੰਘ, ਮਿਹਰ ਸਿੰਘ ਤੇ ਸੁਖਵੀਰ ਸਿੰਘ ਬਠਲਾਣਾ ਨੇ ਨੌਜਵਾਨ ਵਰਗ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਤੇ ਅੰਨਦਾਤਾ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਹੱਥਾਂ ’ਚ ਕਾਲੀਆਂ ਝੰਡੀਆਂ ਲੈ ਕੇ ਨੌਜਵਾਨਾਂ ਦੇ ਇਸ ਕਾਫ਼ਲੇ ਨੇ ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਤੋਂ ਪੰਜਾਬ ਰਾਜ ਭਵਨ ਚੰਡੀਗੜ੍ਹ ਵੱਲ ਪੈਦਲ ਮਾਰਚ ਕੀਤਾ।
ਅੱਜ ਸਵੇਰੇ 11 ਵਜੇ ਹੀ ਪੰਜਾਬ ਭਰ ’ਚੋਂ ਨੌਜਵਾਨ ਕਾਫ਼ਲਿਆਂ ਦੇ ਰੂਪ ਵਿੱਚ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਤੇ ਦੁਪਹਿਰ 12 ਵਜੇ ਤੱਕ ਨੌਜਵਾਨਾਂ ਦੀ ਵੱਡੀ ਭੀੜ ਜਮ੍ਹਾ ਹੋ ਗਈ। ਗਾਇਕਾ ਅਫ਼ਸਾਨਾ ਖਾਨ, ਰੁਪਿੰਦਰ ਹਾਂਡਾ ਤੇ ਨੌਜਵਾਨ ਆਗੂਆਂ ਨੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਬਾਰੇ ਕਿਹਾ ਕਿ ਇਕ ਪਾਸੇ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦਬਿਆ ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ ਤੇ ਹੁਣ ਕੇਂਦਰ ਸਰਕਾਰ ਧੱਕੇਸ਼ਾਹੀ ਨਾਲ ਖੇਤੀ ਬਿੱਲ ਪਾਸ ਕਰਕੇ ਕਿਸਾਨਾਂ ਦੀ ਸੰਘੀ ਘੁੱਟਣ ’ਤੇ ਤੁਲੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਤੇ ਗੁਆਂਢੀ ਸੂਬਿਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਖੇਤੀ ਬਿੱਲ ਰੱਦ ਕੀਤੇ ਜਾਣ ਤੇ ਕਿਸਾਨਾਂ ਨੂੰ ਫਸਲਾਂ ਦਾ ਉਚਿੱਤ ਭਾਅ ਮਿਲਣਾ ਯਕੀਨੀ ਬਣਾਇਆ ਜਾਵੇ।
ਉਧਰ, ਸ਼ਾਮ ਨੂੰ ਕਰੀਬ ਪੌਣੇ 4 ਵਜੇ ਵਾਈਪੀਐਸ ਚੌਕ ਨੇੜੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਤੋਂ ਪਹਿਲਾਂ ਹੀ ਪੁਲੀਸ ਨੇ ਨੌਜਵਾਨਾਂ ਦਾ ਰਾਹ ਡੱਕ ਲਿਆ। ਜਿਸ ਕਾਰਨ ਨੌਜਵਾਨ ਉੱਥੇ ਹੀ ਸੜਕ ’ਤੇ ਲਗਾ ਕੇ ਬੈਠ ਗਏ। ਨੌਜਵਾਨਾਂ ਨੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਯੂਟੀ ਦੇ ਕਾਰਜਕਾਰੀ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਨੌਜਵਾਨਾਂ ਤੋਂ ਮੰਗ ਪੱਤਰ ਹਾਸਲ ਕੀਤਾ ਤੇ ਭਰੋਸਾ ਦਿੱਤਾ ਕਿ ਇਹ ਮੰਗ ਪੱਤਰ ਸੂਬੇ ਦੇ ਰਾਜਪਾਲ ਕੋਲ ਪਹੁੰਚਦਾ ਕਰ ਦੇਣਗੇ। ਇਸ ਮਗਰੋਂ ਸ਼ਾਮ ਨੂੰ 5. 25 ’ਤੇ ਨੌਜਵਾਨਾਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।
ਇਸ ਰੋਸ ਮਾਰਚ ’ਚ ਗਾਇਕ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਸਣੇ ਸ਼ਮੂਲੀਅਤ ਕਰਨ ਦੀ ਸੰਭਾਵਨਾ ਸੀ ਪਰ ਉਹ ਧਰਨੇ ਵਿੱਚ ਨਜ਼ਰ ਨਹੀਂ ਆਇਆ।