ਰਾਮ ਸਰਨ ਸੂਦ
ਅਮਲੋਹ, 15 ਮਾਰਚ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਮਲੋਹ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਮੰਡੀ ਗੌਬਿੰਦਗੜ੍ਹ ਚੌਕ ਨੇੜੇ ਧਰਨਾ ਜਾਰੀ ਹੈ। ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਐਸ.ਡੀ.ਐਮ. ਅਮਲੋਹ ਅਨੰਦ ਸਾਗਰ ਸ਼ਰਮਾ ਮੰਗ ਪੱਤਰ ਨੂੰ ਦਿੱਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੀ ਮਹਿੰਗਾਈ ਨਾਲ ਮੁਲਕ ਦੇ ਆਮ ਬਾਸ਼ਿੰਦੇ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹਰ ਵਰਗ ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਲੱਗਾ ਹੈ। ਇਸ ਮੌਕੇ ਵੱਡੀ ਗਿਣਤੀ ਕਿਸਾਨ-ਮਜ਼ਦੂਰ ਤੇ ਦੁਕਾਨਦਾਰ ਆਦਿ ਹਾਜ਼ਰ ਸਨ।
ਖਮਾਣੋਂ (ਜਗਜੀਤ ਕੁਮਾਰ): ਸੰਯੁਕਤ ਕਿਸਾਨ ਮੋਰਚੇ ਮਹਿੰਗਾਈ ਦੇ ਰੋਸ ਵਜੋਂ ਮੋਦੀ ਸਰਕਾਰ ਖ਼ਿਲਾਫ਼ ਖਮਾਣੋਂ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੋਸ ਧਰਨਾ ਲਗਾਇਆ ਗਿਆ। ਕਿਸਾਨ ਆਗੂ ਸਰਬਜੀਤ ਸਿੰਘ ਅਮਰਾਲਾ, ਅਮਰੀਕ ਸਿੰਘ ਰੋਮੀ, ਬਲਮਜੀਤ ਸਿੰਘ ਪ੍ਰਿੰਸੀ ,ਬਾਬਾ ਰਣਜੀਤ ਸਿੰਘ, ਪਰਮਜੀਤ ਸਿੰਘ ਖਮਾਣੋਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ ਸਣੇ ਸਾਰੇ ਵਰਗ ਦੁਖੀ ਹਨ। ਉਨ੍ਹਾਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਅਪੀਲ ਕੀਤੀ। ਇਸ ਐੱਸਡੀਐੱਮ ਰਾਹੀਂ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਪੰਚਕੂਲਾ (ਪੀ.ਪੀ. ਵਰਮਾ): ਕਿਸਾਨਾਂ ਨੇ ਪਿੰਡ ਬੁਰਜ ਕੋਟੀਆਂ ਵਿੱਚ ਜਾ ਕੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪਿੰਡ ਦੇ ਲੋਕਾਂ ਨੂੰ ਚੰਡੀਮੰਦਰ ਟੌਲ ਪਲਾਜ਼ਾ ਅਤੇ ਨੱਗਲ-ਬਰਵਾਲਾ ਟੌਲ ਪਲਾਜ਼ੇ ’ਤੇ ਚੱਲ ਰਹੇ ਧਰਨਿਆਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਕਿਸਾਨਾਂ ਨੇ ਪੰਚਕੂਲਾ ਦੇ ਕਈ ਪਿੰਡਾਂ ਵਿੱਚ ਜੇਜੇਪੀ ਅਤੇ ਭਾਜਪਾ ਦੇ ਲੋਕਾਂ ਨਾਲ ਕਿਸੇ ਕਿਸਮ ਦਾ ਸੰਪਰਕ ਨਾ ਰੱਖਣ ਲਈ ਅਪੀਲ ਕੀਤੀ। ਬਲਾਕ ਪ੍ਰਧਾਨ ਕਰਮ ਸਿੰਘ ਅਤੇ ਕਿਸਾਨ ਨੇਤਾ ਡਾ. ਹਰਨੇਕ ਸਿੰਘ ਹਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪੰਚਕੂਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਪੰਚਕੂਲਾ ਦੇ ਦੋਵੇਂ ਟੌਲ ਪਲਾਜ਼ਿਆਂ ’ਤੇ ਪ੍ਰਦਰਸ਼ਨ ਜਾਰੀ ਰਹਿਣਗੇ। ਪੰਚਕੂਲਾ ਦੇ ਦੋਵੇਂ ਟੌਲ ਪਲਾਜ਼ਿਆਂ ਉੱਤੇ ਕਲਗੀਧਰ ਸੇਵਾ ਸੁਸਾਇਟੀ ਅਤੇ ਆਸ-ਪਾਸ ਦੇ ਪਿੰਡਾਂ ਵੱਲੋਂ ਲੰਗਰ ਦੀ ਸੇਵਾ ਨਿਰੰਤਰਣ ਚੱਲ ਰਹੀ ਹੈ। ਕਿਸਾਨਾਂ ਨੇ ਪਿੰਡਾਂ ਵਿੱਚ ਮਹਾਂ ਪੰਚਾਇਤਾਂ ਦੇ ਪ੍ਰੋਗਰਾਮ ਵੀ ਉਲੀਕੇ ਹਨ।
ਕੁਰਾਲੀ (ਮਿਹਰ ਸਿੰਘ): ਖੇਤੀ ਕਾਨੂੰਨ ਰੱਦ ਕਰਨ ਲਈ ਲੋਕ ਹਿੱਤ ਮਿਸ਼ਨ ਦੀ ਅਗਵਾਈ ਵਿੱਚ ਦੇਸ਼ ਪੁਆਦ ਨੌਜਵਾਨ ਸਭਾ ਵੱਲੋਂ ਮਾਰਸ਼ਲ ਗਰੁੱਪ ਦੇ ਸਹਿਯੋਗ ਨਾਲ ਸ਼ਹਿਰ ’ਚ ਰੋਸ ਮਾਰਚ ਕੱਢਦਿਆਂ ਕੌਮੀ ਮਾਰਗ ’ਤੇ ਪ੍ਰਦਰਸ਼ਨ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਵਜੀਦਪੁਰ, ਰਣਜੀਤ ਸਿੰਘ ਕਾਕਾ ਮਾਰਸ਼ਲ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਵੇਂ ਲਿਆਂਦੇ ਗਏ ਖੇਤੀ ਕਾਨੂੰਨ ਸਮੂਹ ਸਮਾਜ ਲਈ ਘਾਤਕ ਹਲ। ਆਗੂਆਂ ਨੇ ਦੇਸ਼ ਦੀ ਆਰਥਿਕ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੋਦੀ ਸਰਕਾਰ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸੇ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਖੇਤੀ ਕਾਨੂੰਨਾਂ ਤੋਂ ਇਲਾਵਾ ਸ਼ਹਿਰ ਦੇ ਹਸਪਤਾਲ ਦੀ ਖਸਤਾ ਹਾਲਤ ਨੂੰ ਲੈ ਕੇ ਚੱਲੇ ਆ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਵੀ ਕੀਤਾ।
ਰਣਜੀਤ ਸਿੰਘ ਕਾਕਾ ਮਾਰਸ਼ਲ ਅਤੇ ਹੋਰਨਾਂ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਲੁੱਟ ਦਾ ਸ਼ਿਕਾਰ ਹੋਣ ਲਈ ਮਜਬੂਰ ਹਨ। ਮੁਜ਼ਾਹਾਕਾਰੀਆਂ ਨੇ ਸਰਕਾਰੀ ਹਸਪਤਾਲ ਨੂੰ ਅੱਪਗ੍ਰੇਡ ਕਰਨ ਦੀ ਮੰਗ ਕੀਤੀ।
ਪਿੰਡ ਬੰਗੀਆਂ ਤੋਂ ਦੋ ਟਰਾਲੀਆਂ ਰਵਾਨਾ
ਮੋਰਿੰਡਾ (ਸੰਜੀਵ ਤੇਜਪਾਲ): ਪਿੰਡ ਬੰਗੀਆਂ ਤੋਂ ਦੋ ਟਰਾਲੀਆਂ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਈਆਂ। ਕਿਸਾਨ ਆਗੂ ਦਲਜੀਤ ਸਿੰਘ ਚਲਾਕੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਿਲ ਹੋਣ ਲਈ ਮੋਰਿੰਡਾ ਇਲਾਕੇ ਦੇ ਪਿੰਡਾਂ ਵਿੱਚ ਲਗਾਤਾਰ ਜਾਗਰੂਕਤਾ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਦਕਾ ਪਿੰਡ ਬੰਗੀਆਂ ਤੋਂ ਕਿਸਾਨ ਦੋ ਟਰਾਲੀਆਂ ਸਣੇ ਖਾਣ-ਪੀਣ ਦਾ ਸਾਮਾਨ ਲੈ ਕੇ ਦਿੱਲੀ ਲਈ ਰਵਾਨਾ ਹੋਏ।
ਦਿੱਲੀ ਮੋਰਚੇ ਵਾਸਤੇ ਬੱਸ ਦੇ ਖਰਚੇ ਲਈ ਵਿੱਤੀ ਮੱਦਦ
ਚਮਕੌਰ ਸਾਹਿਬ (ਸੰਜੀਵ ਬੱਬੀ): ਸ੍ਰੀ ਉਪਕਾਰ ਸੇਵਾ ਸੁਸਾਇਟੀ ਚਮਕੌਰ ਸਾਹਿਬ ਵੱਲੋਂ ਦਿੱਲੀ ਅੰਦੋਲਨ ਲਈ ਇਲਾਕੇ ਦੇ ਕਿਸਾਨਾਂ ਦੀ ਸ਼ਮੂਲੀਅਤ ਸਬੰਧੀ ਚਲਾਈ ਜਾ ਰਹੀ ਬੱਸ ਦੇ ਖ਼ਰਚੇ ਲਈ 24 ਹਜ਼ਾਰ ਰੁਪਏ ਦੀ ਮਾਲੀ ਮਦਦ ਕੀਤੀ ਗਈ। ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਹਾਫਿਜ਼ਾਬਾਦ ਨੇ ਦੱਸਿਆ ਕਿ ਅੱਜ ਬੱਸ ਦੇ 24ਵੇਂ ਜਥੇ ਦੀ ਰਵਾਨਗੀ ਮੌਕੇ ਹਰਪਾਲ ਸਿੰਘ ਗਰਚਾ ਭੂਰੜੇ ਨੇ 11 ਹਜ਼ਾਰ, ਪਿੰਡ ਖਾਨਪੁਰ ਦੀ ਪੰਚਾਇਤ ਵੱਲੋਂ 10 ਹਜ਼ਾਰ ਰੁਪਏ ਤੇ ਪਿੰਡ ਖੋਖਰਾਂ ਵਾਸੀਆਂ ਵੱਲੋਂ 3 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕਿਸਾਨ ਬੀਬੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਚਮਕੌਰ ਸਾਹਿਬ (ਸੰਜੀਵ ਬੱਬੀ): ਦਿੱਲੀ ਮੋਰਚਿਆਂ ਵਿੱਚ ਸ਼ਮੂਲੀਅਤ ਵਧਾਉਣ ਲਈ ਪਿੰਡ ਖੇੜੀ ਸਲਾਬਤਪੁਰ ਦੇ ਲੋਕਾਂ ਵੱਲੋਂ ਮੀਟਿੰਗ ਕੀਤੀ ਗਈ। ਪਿੰਡ ਵਾਸੀਆਂ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਕੇ ਮੋਰਚਿਆਂ ਵਿੱਚ ਜਾਣ ਵਾਲੇ ਜਥਿਆਂ ਨੂੰ ਭੇਜਣ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਜੁਝਾਰ ਸਿੰਘ, ਅਮਰਜੀਤ ਸਿੰਘ, ਗੁਰਿੰਦਰਪਾਲ ਸਿੰਘ, ਹਰਪਾਲ ਸਿੰਘ, ਮਹਿੰਦਰਪਾਲ ਸਿੰਘ, ਦਿਲਬਾਗ ਸਿੰਘ ਅਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ।