ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਜਨਵਰੀ
ਇੱਥੋਂ ਦੇ ਫੇਜ਼-6 ਦੇ ਵਸਨੀਕਾਂ, ਬਾਰ ਐਸੋਸੀਏਸ਼ਨ ਅਤੇ ਖੇਡ ਪ੍ਰੇਮੀਆਂ ਨੇ ਸ਼ੁੱਕਰਵਾਰ ਨੂੰ ਸਥਾਨਕ ਦਾਰਾ ਸਟੂਡੀਓ ਚੌਕ ’ਤੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਧਰਨਾਕਾਰੀ ਨੌਜਵਾਨਾਂ ਨੇ ਸ਼ਹਿਰ ਵਿੱਚ ਰੋਸ ਰੈਲੀ ਕੱਢੀ। ਲੋਕਾਂ ਨੇ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਨੂੰ ਕੋਸਦਿਆਂ ਰਿਲਾਇੰਸ, ਪਤੰਜਲੀ, ਅਡਾਨੀ ਅਤੇ ਅੰਬਾਨੀਆਂ ਦਾ ਵੀ ਪਿੱਟ ਸਿਆਪਾ ਕੀਤਾ। ਬਾਰ ਐਸੋਸੀਏਸ਼ਨ ਖਰੜ ਅਤੇ ਮੁਹਾਲੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਸਿੱਧੂ, ਪ੍ਰਦੁਮਣ ਸਿੰਘ, ਮਨਮੋਹਨ ਸਿੰਘ, ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਰੋਮੀ, ਡੀਸੀਸੀ ਦੇ ਸਕੱਤਰ ਹਰਵਿੰਦਰ ਸਿੰਘ ਨੀਟੂ ਨੇ ਕਿਹਾ ਕਿ ਜਲਦੀ ਹੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵੱਡਾ ਇਕੱਠ ਕਰਕੇ ਦਿੱਲੀ ਜਾਣ ਦੀ ਤਿਆਰੀ ਕੀਤੀ ਜਾਵੇਗੀ। ਬੁਲਾਰਿਆਂ ਨੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਦੀ ਨਿਖੇਧੀ ਕਰਦਿਆਂ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ‘ਦਿੱਲੀ ਚੱਲੋ-ਦਿੱਲੀ ਚੱਲੋ’ ਮੁਹਿੰਮ ਦੇ ਆਗੂ ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਗੂੰਜ ਹੁਣ ਮੁਹਾਲੀ ਦੇ ਗਲੀ ਮੁਹੱਲਿਆਂ ਵਿੱਚ ਵੀ ਗੂੰਜਣ ਲੱਗ ਪਈ ਹੈ।
ਮੰਡੀ ਗੋਬਿੰਦਗੜ੍ਹ (ਹਿਮਾਂਸ਼ੂ ਸੂਦ): ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਕਾਨੂੰਨਾਂ ਦੇ ਵਿਰੋਧ ਵਿੱਚ ਮੰਡੀ ਗੋਬਿੰਦਗੜ੍ਹ ਦੇ ਬੱਸ ਸਟੈਂਡ ’ਤੇ ਟਰੈਕਟਰ ਰੈਲੀ ਕੱਢੀ ਗਈ ਜਿਸ ਵਿੱਚ ਸਰਵ ਸਾਂਝੀ ਐਕਸ਼ਨ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਵਿਸ਼ੇਸ਼ ਤੌਰ ’ਤੇ ਪੁੱਜੇ। ਬਾਜ਼ਾਰਾਂ ਵਿੱਚ ਟਰੈਕਟਰ ਮਾਰਚ ਦੇ ਨਾਲ ਪੈਦਲ ਮਾਰਚ ਕਰਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਾਰਚ ਦੀ ਅਗਵਾਈ ਕਰ ਰਹੇ ਸਵਤੰਤਰਦੀਪ ਸਿੰਘ ਬਡਗੁੱਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਨਾ ਸੋਚੇ ਕਿ ਦਿੱਲੀ ਵਿੱਚ ਕੁਝ ਕਿਸਾਨ ਅੰਦੋਲਨ ਕਰ ਰਹੇ ਹਨ ਅਤੇ ਪੰਜਾਬ ਦਾ ਬੱਚਾ-ਬੱਚਾ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇਕਰ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤੀ ਕਿਸਾਨ ਯੂਨੀਅਨ ਦਾ ਝੰਡਾ ਲਹਿਰਾਇਆ ਜਾਵੇਗਾ।