ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਏਡਿਡ ਸਕੂਲਾਂ ਦੇ ਅਧਿਆਪਕਾਂ ਨੇ ਡੀਪੀਆਈ ਦਫ਼ਤਰ ਘੇਰਿਆ

ਪੰਜ ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ; ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ
ਡੀਪੀਆਈ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਅਧਿਆਪਕ ਅਤੇ ਹੋਰ ਕਰਮਚਾਰੀ।
Advertisement

ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਅਤੇ ਏਡਿਡ ਸਕੂਲਾਂ ਦੇ ਹਜ਼ਾਰਾਂ ਪੈਨਸ਼ਨਰਾਂ ਨੇ ਅੱਜ ਆਪਣੀਆਂ ਮੰਗਾਂ ਲਈ ਡੀਪੀਆਈ ਪੰਜਾਬ ਦੇ ਦਫ਼ਤਰ ਅੱਗੇ ਮੁਜ਼ਾਹਰਾ ਕਰਦਿਆਂ ਗੇਟਾਂ ਦਾ ਘਿਰਾਓ ਕੀਤਾ। ਧਰਨੇ ਵਿੱਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਲ ਸਨ। ਇਸ ਮੌਕੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਸਿੱਖਿਆ ਅਤੇ ਵਿੱਤ ਵਿਭਾਗ ਵੱਲੋਂ ਬੇਲੋੜੇ ਪੱਤਰ ਜਾਰੀ ਕਰ ਕੇ ਏਡਿਡ ਸਕੂਲ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹ ਅਤੇ ਗਰਾਂਟਾਂ ਜਾਰੀ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਵਿਭਾਗ 1967 ਤੋਂ ਏਡਿਡ ਸਕੂਲਾਂ ਨੂੰ ਰੈਗੂਲਰ ਗਰਾਂਟਾਂ ਜਾਰੀ ਕਰ ਰਿਹਾ ਹੈ ਪਰ ਹੁਣ ਸਿੱਖਿਆ ਵਿਭਾਗ ਸਾਲਾਨਾ ਐਸਟੀਮੇਟ ਵੀ ਪ੍ਰਾਪਤ ਨਹੀਂ ਕਰ ਰਿਹਾ। ਆਡਿਟ ਦੇ ਨਾਮ ’ਤੇ ਏਡਿਡ ਸਕੂਲਾਂ ਦੀ ਲੁੱਟ ਕੀਤੀ ਜਾ ਰਹੀ ਹੈ। ਏਡਿਡ ਸਕੂਲਾਂ ਦੇ ਪੈਨਸ਼ਨਰਾਂ ਨੂੰ ਪੀਪੀਓ ਆਰਡਰ ਜਾਰੀ ਕਰਨ ਵਿਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ ਜਿਸ ਕਰਕੇ ਸੇਵਾ ਮੁਕਤ ਅਧਿਆਪਕ ਵੀ ਪੈਨਸ਼ਨਾਂ ਨੂੰ ਤਰਸ ਰਹੇ ਹਨ। ਉਨਾਂ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਆਪ ਦੀ ਸਰਕਾਰ ਨੇ ਏਡਿਡ ਸਕੂਲਾਂ ਦੇ ਸਟਾਫ਼ ਨੂੰ ਦਿੱਲੀ ਦੀ ਤਰਜ਼ ’ਤੇ ਸੌ ਫ਼ੀਸਦੀ ਤਨਖ਼ਾਹ ਗਰਾਂਟ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਸੂਬਾ ਸਰਕਾਰ ਅਧਿਆਪਕਾਂ ਨੂੰ 5-5 ਮਹੀਨਿਆਂ ਤੋਂ ਤਨਖ਼ਾਹਾਂ ਵੀ ਜਾਰੀ ਨਹੀ ਕਰ ਰਹੀ।

Advertisement

ਧਰਨਾਕਾਰੀਆਂ ਨੇ ਕਿਹਾ ਕਿ ਏਡਿਡ ਸਕੂਲਾਂ ਵਿਚ 2004 ਤੋਂ ਅਧਿਆਪਕਾਂ ਦੀ ਭਰਤੀ ਨਾ ਹੋਣ ਕਾਰਨ ਸੂਬੇ ਦੇ ਏਡਿਡ ਸਕੂਲਾਂ ਵਿਚ 8000 ਦੇ ਕਰੀਬ ਅਧਿਆਪਕਾਂ ਤੇ ਹੋਰ ਸਟਾਫ਼ ਦੀਆਂ ਅਸਾਮੀਆਂ ਖਾਲੀ ਹਨ।

ਇਸ ਮੌਕੇ ਪਹੁੰਚੇ ਡੀਐੱਸਪੀ ਹਰਸਿਮਰਨ ਸਿੰਘ ਬੱਲ ਵੱਲੋਂ ਜਥੇਬੰਦੀ ਦੀ ਡੀਪੀਆਈ (ਸੈਕੰਡਰੀ) ਨਾਲ ਕਰਵਾਈ ਮੀਟਿੰਗ ਬੇਸਿੱਟਾ ਰਹਿਣ ’ਤੇ ਅਧਿਆਪਕਾਂ ਨੇ ਵਿਦਿਆ ਭਵਨ ਦੇ ਦੋਵੇਂ ਗੇਟ ਬੰਦ ਕਰ ਦਿੱਤੇ। ਸਥਿਤੀ ਵਿਗੜਦੀ ਦੇਖ ਕੇ ਪ੍ਰਸ਼ਾਸਨ ਵੱਲੋਂ ਯੂਨੀਅਨ ਦੀ 20 ਅਗਸਤ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਗਈ ਇਸ ਉਪਰੰਤ ਯੂਨੀਅਨ ਨੇ ਆਪਣਾ ਧਰਨਾ ਸਮਾਪਤ ਕੀਤਾ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ 20 ਅਗਸਤ ਨੂੰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਲਦੀ ਅਗਲਾ ਲਗਾਤਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਧਰਨੇ ਸੂਬਾ ਉਪ ਪ੍ਰਧਾਨ ਐਬਿਟ ਮਸੀਹ, ਅਸ਼ੋਕ ਵਡੇਰਾ, ਹਰਦੀਪ ਸਿੰਘ ਢੀਂਡਸਾ, ਰੁਪਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

 

Advertisement