ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 31 ਅਗਸਤ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਕੰਮ ਕਰਨ ਦਾ ਤਰੀਕਾ ਅਤੇ ਸਲੀਕਾ ਬਦਲਣ ਦੀ ਸਲਾਹ ਦਿੱਤੀ ਹੈ। ਅੱਜ ਮੁਹਾਲੀ ਵਿੱਚ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੇ ਦਫ਼ਤਰ ਵਿੱਚ ਇਕ ਪੱਤਰਕਾਰ ਸੰਮੇਲਨ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ‘ਐਸਮਾ’ ਵਰਗੇ ਕਾਲੇ ਕਾਨੂੰਨ ਲਾਗੂ ਕਰਨ ਨਾਲ ਮੁੱਖ ਮੰਤਰੀ ਦਾ ਤਾਨਾਸ਼ਾਹੀ ਵਾਲਾ ਰਵੱਈਆ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ। ਲਿਹਾਜ਼ਾ ‘ਆਪ’ ਸਰਕਾਰ ਦੀ ਮੁਲਾਜ਼ਮਾਂ ਨਾਲ ਟਕਰਾਅ ਵਾਲੀ ਨੀਤੀ ਬਿਲਕੁਲ ਗੈਰ-ਵਾਜ਼ਿਬ ਹੈ, ਲਿਹਾਜ਼ਾ ਧਮਕੀਆਂ ਦੇਣ ਦੀ ਥਾਂ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਅਕਾਲੀ ਆਗੂ ਨੇ ਕਿਹਾ ਕਿ ਜਦੋਂ ਪੰਜਾਬ ਦੇ ਰਾਜਪਾਲ ਨੇ ਨਸ਼ਿਆਂ ਦੇ ਸਬੂਤ ਪੇਸ਼ ਕਰਕੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਤੜਪ ਉੱਠੇ, ਜੋ ਸਰਕਾਰ ਦੀ ਘਬਰਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਾਮਲੇ ਵਿੱਚ ਫੇਲ੍ਹ ਹੋਣ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੇ ਹੱਕ ਵਿੱਚ ਨਹੀਂ ਹੈ ਪ੍ਰੰਤੂ ਮੁੱਖ ਮੰਤਰੀ ਨੂੰ ਵੀ ਸੂਬੇ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।