ਘੱਲੂਘਾਰਾ ਦਿਵਸ ਮੌਕੇ ਅਖੰਡ ਪਾਠ ਆਰੰਭ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਜੂਨ
ਜੂਨ 1984 ਵਿੱਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਾਤਸ਼ਾਹ ਸੱਤਵੀਂ ਮੁਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ 6 ਜੂਨ ਨੂੰ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਵੇਲੇ ਤੋਂ ਨਿਤਨੇਮ ਦੀਆਂ ਬਾਣੀਆਂ ਤੋਂ ਬਾਅਦ ਲਗਾਤਾਰ ਰਾਤ 10 ਵਜੇ ਤੱਕ ਨਿਰੰਤਰ ਕੀਰਤਨ ਦਰਬਾਰ ਹੋਵੇਗਾ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਢਾਡੀ ਜਥੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਜੂਨ 1984 ਦੇ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਨੂੰ ਤਾਜ਼ਾ ਕੀਤਾ ਜਾਵੇਗਾ। ਇਸ ਮੌਕੇ ਸਿੱਖ, ਪੰਥਕ ਅਤੇ ਸਿਆਸੀ ਆਗੂ ਵੀ ਸ਼ਿਰਕਤ ਕਰਨਗੇ ਅਤੇ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਜਗਜੀਤ ਸਿੰਘ ਸਿੱਧੂ, ਜਗਦੀਪ ਸਿੰਘ, ਸਤਵਿੰਦਰ ਸਿੰਘ, ਵੀਰਪਾਲ ਸਿੰਘ, ਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਗੁਰਲਾਲ ਸਿੰਘ, ਭਾਈ ਮਨਜੀਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਜੋੜੀਵਾਲਾ, ਭਾਈ ਸਰਵਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਜਸਵੀਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਮੇਤ ਸ਼ਹਿਰ ਦੀ ਸੰਗਤ ਹਾਜ਼ਰ ਸੀ।
ਗੁਰਦੁਆਰਾ ਫ਼਼ਤਹਿਗੜ੍ਹ ਸਾਹਿਬ ’ਚ ਅਖੰਡ ਪਾਠ ਸ਼ੁਰੂ
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਆਰੰਭ ਹੋਇਆ ਜਿਸ ਦੇ ਭੋਗ 6 ਜੂਨ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ, ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਜੋਗਾ ਸਿੰਘ ਸਮੇਤ ਗੁਰਦੁਆਰਾ ਸਾਹਿਬ ਦੇ ਮੁਲਾਜਮ ਅਤੇ ਅਕਾਲੀ ਵਰਕਰ ਆਦਿ ਹਾਜ਼ਰ ਸਨ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅੱਤਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।
ਘੱਲੂਘਾਰੇ ਬਾਰੇ ਕੋਈ ਵਿਵਾਦ ਪੈਦਾ ਨਾ ਹੋਵੇ: ਮਾਨ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 1984 ਘੱਲੂਘਾਰੇ ਬਾਰੇ ਕੋਈ ਵਿਵਾਦ ਪੈਦਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸੇ ਸਿੱਖ ਜਾਂ ਸਿੱਖ ਸ਼ਖ਼ਸੀਅਤ ਨੂੰ ਅਜਿਹਾ ਮਾਹੌਲ ਪੈਦਾ ਨਹੀਂ ਕਰਨਾ ਚਾਹੀਦਾ ਜਿਸ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਅਤੇ ਸਿੱਖਾਂ ਦੇ ਉੱਚੇ-ਸੁੱਚੇ ਇਖ਼ਲਾਕ ’ਤੇ ਕੋਈ ਧੱਬਾ ਲੱਗੇ। ਉਨ੍ਹਾਂ ਕਿਹਾ ਕਿ ਸਾਡੇ ਕੌਮੀ ਮਹਾਨ ਦਿਹਾੜਿਆਂ ਨੂੰ ਖਾਲਸਾ ਪੰਥ ਸਦੀਆਂ ਤੋ ਸ੍ਰੀ ਅਕਾਲ ਤਖਤ ਸਾਹਿਬ ਦੇ ਮਹਾਨ ਸਥਾਨ ਉਤੇ ਹਾਜ਼ਰ ਹੋ ਕੇ ਮਨਾਉਦਾ ਆ ਰਿਹਾ ਹੈ ਉਹ ਨਿਰੰਤਰ ਉਸੇ ਤਰ੍ਹਾਂ ਨਿਰਵਿਘਨ ਜਾਰੀ ਰਹਿਣੇ ਚਾਹੀਦੇ ਹਨ ਕਿਉਂਕਿ 6 ਜੂਨ ਦਾ ਦਿਹਾੜਾ ਵੀ ਸਿੱਖ ਕੌਮ ਲਈ ਇਕ ਵੱਡੇ ਸੰਜ਼ੀਦਾ ਸੰਦੇਸ਼ ਦੇਣ ਵਾਲਾ ਦਿਹਾੜਾ ਹੈ।