ਆਰਟੀਓ ਦਫ਼ਤਰਾਂ ਦੀਆਂ ਸਮੁੱਚੀਆਂ ਸੇਵਾਵਾਂ ਆਨਲਾਈਨ ਹੋਣਗੀਆਂ: ਭੁੱਲਰ
ਕਰਮਜੀਤ ਸਿੰਘ ਚਿੱਲਾ ਐੱਸਏਐੱਸ ਨਗਰ(ਮੁਹਾਲੀ), 27 ਜੂਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਰਟੀਓ ਦਫ਼ਤਰ ਮੁਹਾਲੀ ਅਤੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕੀਤਾ ਅਤੇ ਦਫ਼ਤਰ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ...
ਕਰਮਜੀਤ ਸਿੰਘ ਚਿੱਲਾ
ਐੱਸਏਐੱਸ ਨਗਰ(ਮੁਹਾਲੀ), 27 ਜੂਨ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਰਟੀਓ ਦਫ਼ਤਰ ਮੁਹਾਲੀ ਅਤੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕੀਤਾ ਅਤੇ ਦਫ਼ਤਰ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਛੇਤੀ ਹੀ ਆਰਟੀਓ ਦਫ਼ਤਰਾਂ ਦੀਆਂ ਰਹਿੰਦੀਆਂ ਸੇਵਾਵਾਂ ਵੀ ਆਨਲਾਈਨ ਕੀਤੀਆਂ ਜਾਣਗੀਆਂ।
ਟਰਾਂਸਪੋਰਟ ਮੰਤਰੀ ਨੇ ਪਹਿਲਾਂ ਆਰਟੀਏ ਦਫ਼ਤਰ ਵਿੱਚ ਪਬਲਿਕ ਕਾਊਂਟਰਾਂ ’ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ਵਿੱਚ ਕੰਮ ਕਰਾਉਣ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਰਟੀਓ ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ ਜੋ 100 ਫ਼ੀਸਦੀ ਪਾਈ ਗਈ।
ਇਸ ਮਗਰੋਂ ਟਰਾਂਸਪੋਰਟ ਮੰਤਰੀ ਨੇ ਮੁਹਾਲੀ ਦੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮੁਹਾਲੀ ਦਾ ਨਵਾਂ ਡਰਾਈਵਿੰਗ ਟੈਸਟ ਟਰੈਕ ਨਵੀਂ ਹੈਮਜ਼ ਤਕਨੀਕ ਨਾਲ ਬਣਾਇਆ ਗਿਆ ਹੈ। ਇਸ ਨਾਲ ਕੋਈ ਦੂਜਾ ਵਿਅਕਤੀ ਕਿਸੇ ਹੋਰ ਦੀ ਥਾਂ ’ਤੇ ਡਰਾਈਵਿੰਗ ਟੈਸਟ ਨਹੀਂ ਦੇ ਸਕਦਾ। ਇਹ ਸਮੁੱਚਾ ਟਰੈਕ ਸੀਸੀਟੀਵੀ ਕੈਮਰਿਆਂ ਨਾਲ ਲੈਸ ਹੈ। ਇਸ ਨਾਲ ਪੂਰੀ ਪਾਰਦਰਸ਼ਤਾ ਨਾਲ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਦਾ ਟੈਸਟ ਲਿਆ ਜਾਂਦਾ ਹੈ ਅਤੇ ਇਸ ਵਿੱਚ ਚਾਰ ਪਹੀਆ ਵਾਹਨ ਦੀ ਪਾਸ ਦਰ 40 ਫ਼ੀਸਦੀ ਰਹਿ ਗਈ ਹੈ ਅਤੇ ਦੋ ਪਹੀਆ ਵਾਹਨ ਦੀ ਪਾਸ ਦਰ 82 ਫ਼ੀਸਦੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਰਟੀਓ ਰਾਜਪਾਲ ਸਿੰਘ ਸੇਖੋਂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

