ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 4 ਫਰਵਰੀ
ਵਾਰਡ ਨੰਬਰ-20 ਤੋਂ ਪੰਜਾਬ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ’ਤੇ ਪੀਡੀਪੀ ਦੇ ਕੌਮੀ ਪ੍ਰਧਾਨ ਗੁਰਕਿਰਪਾਲ ਸਿੰਘ ਮਾਨ ਨੇ ਕਿਹਾ ਕਿ ਮੁਹਾਲੀ ਪ੍ਰਸ਼ਾਸਨ ਦੇ ਅਧਿਕਾਰੀ ਇਕ ਕੈਬਨਿਟ ਮੰਤਰੀ ਦੀ ਸ਼ਹਿ ’ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਵਧੀਕੀਆਂ ਕਰ ਰਹੇ ਹਨ। ਉਨ੍ਹਾਂ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨਰ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਪੰਜਾਬ ਨੂੰ ਲਿਖਤੀ ਸ਼ਿਕਾਇਤ ਦੇ ਕੇ ਆਪਣੇ ਉਮੀਦਵਾਰ ਦੇ ਪੇਪਰ ਬਹਾਲ ਕਰਵਾਉਣ ਅਤੇ ਚੋਣ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾਵੇਗੀ।