ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਮਨ ਅਰੋੜਾ ਨੇ 30 ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡੇ

ਰਾਮਪੁਰ ਕਲਾਂ, ਮਨੌਲੀ ਸੂਰਤ ਤੇ ਨੱਗਲ ਸਲੇਮਪੁਰ ’ਚ 49 ਲੱਖ ਰੁਪਏ ਦੇ ਪੱਤਰ ਸੌਂਪੇ
ਪਿੰਡ ਰਾਮਪੁਰ ਕਲਾਂ ਵਿੱਚ ਪੱਤਰ ਸੌਂਪਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਬਨੂੜ ਸਬ ਤਹਿਸੀਲ ਦੇ ਪਿੰਡ ਰਾਮਪੁਰ ਕਲਾਂ ਤੋਂ ਹੜ੍ਹ ਪ੍ਰਭਾਵਿਤਾਂ ਨੂੰ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਮੌਕੇ ਰਾਮਪੁਰ ਕਲਾਂ, ਨੱਗਲ ਸਲੇਮਪੁਰ ਅਤੇ ਮਨੌਲੀ ਸੂਰਤ ਦੇ 30 ਪਰਿਵਾਰਾਂ ਨੂੰ 49 ਲੱਖ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਵੰਡੇ। ਅਮਨ ਅਰੋੜਾ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸਿਰਫ਼ 30 ਦਿਨਾਂ ਵਿੱਚ ਹੀ ਹੜ੍ਹ ਪੀੜਤਾਂ ਨੂੰ ਸਭ ਤੋਂ ਵੱਡੀ ਮੁਆਵਜ਼ਾ ਰਕਮ ਦੇਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਜਾਬ ਵਿੱਚ ਉਨ੍ਹਾਂ ਸਣੇ 13 ਮੰਤਰੀ ‘ਮਿਸ਼ਨ ਪੁਨਰਵਾਸ’ ਤਹਿਤ ਰਾਹਤ ਫੰਡ ਵੰਡਣ ਲਈ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ ਜਦ ਕਿ ਪਹਿਲੀਆਂ ਸਰਕਾਰਾਂ ਮੌਕੇ ਮੁਆਵਜ਼ੇ ਦੇ ਨਾਂ ’ਤੇ ਹੜ੍ਹ ਪੀੜਤਾਂ ਅਤੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੀ ਹੁੰਦਾ ਸੀ। ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜਿਹੜਾ 1600 ਕਰੋੜ ਵਿੱਚੋਂ 805 ਕਰੋੜ ਰੁਪਏ ਪਹਿਲਾਂ ਹੀ ਸੂਬੇ ਨੂੰ ਦੇਣ ਦੀ ਗੱਲ ਕੀਤੀ ਜਾ ਰਹੀ ਹੈ, ਉਹ ਤਾਂ ਚਾਰ ਮਹੀਨੇ ਪਹਿਲਾਂ ਹੀ ਸੂਬੇ ਕੋਲ ਸੂਬਾਈ ਆਪਦਾ ਫੰਡਾਂ, ਨੈਸ਼ਨਲ ਹਾਈਵੇਅ ਫੰਡਾਂ ਵਜੋਂ ਪਏ ਸਨ। ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੁੱਖ ਦੀ ਘੜੀ ਲੋਕਾਂ ਦੇ ਨਾਲ ਹੈ।

Advertisement

ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ 49 ਲੱਖ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਜੋ ਕਿ ਸ਼ਾਮ ਤੱਕ ਸਬੰਧਤ ਪੀੜਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਕਾਨੂਗੋ, ਪਟਵਾਰੀ, ਨਾਇਬ ਤਹਸੀਲਦਾਰ ਜਾਂ ਡੀਸੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਨਾਇਬ ਤਹਸੀਲਦਾਰ ਹਰਜੋਤ ਸਿੰਘ, ਨਾਇਬ ਤਹਸੀਲਦਾਰ ਅੰਮ੍ਰਿਤਾ ਅਗਰਵਾਲ, ਇਲਾਕੇ ਦੇ ਪੰਚ ਸਰਪੰਚ, ਕੌਂਸਲਰ ਅਤੇ ਪ੍ਰਭਾਵਿਤ ਪਰਿਵਾਰ ਮੌਜੂਦ ਸਨ।

ਘਨੌਲੀ (ਜਗਮੋਹਨ ਸਿੰਘ): ਇੱਥੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਛੋਟੀ ਝੱਖੀਆਂ ਵਿੱਚ ਅੱਜ ਐੱਸਡੀਐੱਮ ਰੂਪਨਗਰ ਡਾ. ਸੰਜੀਵ ਕੁਮਾਰ ਦੀ ਅਗਵਾਈ ਤੇ ਮਾਰਕੀਟ ਕਮੇਟੀ ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਕਮਿੱਕਰ ਸਿੰੰਘ ਡਾਢੀ ਦੀ ਦੇਖ-ਰੇਖ ਹੇਠ ਮੁਆਵਜ਼ਾ ਵੰਡਿਆ ਗਿਆ। ਐੱਸਡੀਐੱਮ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਅੱਜ ਪਿੰੰਡ ਛੋਟੀ ਝੱਖੀਆਂ ਤੇ ਬੜੀ ਝੱਖੀਆਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਲਗਭਗ 3.5 ਲੱਖ ਰੁਪਏ ਦੀ ਰਾਹਤ ਰਕਮ ਦੀ ਮਨਜ਼ੂਰੀ ਦੇ ਪੱਤਰ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦੀ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਰਹੀ ਹੈ।

ਡੇਰਾਬਸੀ ਹਲਕੇ ’ਚ 50 ਪਰਿਵਾਰਾਂ ਨੂੰ 21.50 ਲੱਖ ਦੇ ਮਨਜ਼ੂਰੀ ਪੱਤਰ ਸੌਂਪੇ

ਪਿੰਡ ਸਰਸੀਣੀ ਵਿੱਚ ਰਾਹਤ ਪੱਤਰ ਵੰਡਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਲਾਲੜੂ (ਸਰਬਜੀਤ ਸਿੰਘ ਭੱਟੀ): ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਡੇਰਾਬਸੀ ਹਲਕੇ ਦੇ ਸਰਸੀਣੀ, ਸਿਤਾਰਪੁਰ ਤੇ ਮੁਬਾਰਿਕਪੁਰ ਪਿੰਡਾਂ ਦੇ ਕਰੀਬ 50 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 21.50 ਲੱਖ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਵੰਡੇ ਗਏ। ਇਸ ਨਾਲ ਹਲਕੇ ਵਿੱਚ ਕੁੱਲ 4.50 ਕਰੋੜ ਰੁਪਏ ਦੇ ਮੁਆਵਜ਼ੇ ਦੀ ਵੰਡ ਦੀ ਸ਼ੁਰੂਆਤ ਹੋਈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਤੱਕ ਵਧਾ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਤੁਰੰਤ ਮਦਦ ਲਈ ਮੁਆਵਜ਼ਾ ਵੰਡ ਸਮਾਂ-ਬੱਧ ਢੰਗ ਨਾਲ ਕੀਤੀ ਜਾ ਰਹੀ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਤੇ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ 30 ਦਿਨਾਂ ਦੇ ਅੰਦਰ ਹੀ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਢੰਗ ਨਾਲ ਰਕਮ ਸਿੱਧੀ ਪੀੜਤਾਂ ਦੇ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਕਿਸੇ ਨੂੰ ਕੋਈ ਮੁਸ਼ਕਲ ਆਉਣ ‘ਤੇ ਤੁਰੰਤ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਅਮਿਤ ਗੁਪਤਾ, ਤਹਿਸੀਲਦਾਰ ਸੁਮੀਤ ਸਿੰਘ ਢਿੱਲੋਂ, ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ, ਪੰਚ-ਸਰਪੰਚ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Advertisement
Show comments