ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਜਨਵਰੀ
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੁੱਡਾ ਭਵਨ ਵਿੱਚ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਵੰਡੇ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਇਨ੍ਹਾਂ ਜੇਈਜ਼ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਨੇ ਆਪਣੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐਸਓਪੀ) ਤਿਆਰ ਕਰਨ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਏਕੇ ਸਿਨਹਾ ਅਤੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਵੀ ਮੌਜੂਦ ਸਨ।