ਕੁਲਦੀਪ ਸਿੰਘ
ਚੰਡੀਗੜ੍ਹ, 28 ਅਪਰੈਲ
ਪੰਜਾਬ ਯੂਨੀਵਰਸਿਟੀ ਵਿੱਚ ਅੰਬੇਡਕਰੀ ਵਿਚਾਰਧਾਰਾ ਲਾਗੂ ਕਰਵਾਉਣ ਅਤੇ ਐੱਸਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਜਾਰੀ ਕਰਵਾਉਣ ਸਮੇਤ ਕਈ ਮੰਗਾਂ ਲਈ ਵਿਦਿਆਰਥੀ ਜਥੇਬੰਦੀ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਨੇ ਅੱਜ ਵਾਈਸ ਚਾਂਸਲਰ ਦਫ਼ਤਰ ਅੱਗੇ ਅੱਜ ਦੁਪਹਿਰੇ ਰੋਸ ਪ੍ਰਦਰਸ਼ਨ ਕੀਤਾ ਅਤੇ ਜਦੋਂ ਅਥਾਰਿਟੀ ਵੱਲੋਂ ਮੰਗਾਂ ਸਬੰਧੀ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ ਜਥੇਬੰਦੀ ਨੇ ਤੰਬੂ ਲਗਾ ਕੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ। ਵਿਦਿਆਰਥੀ ਜਥੇਬੰਦੀ ਐੱਸਐੱਫਐੱਸ ਨੇ ਵੀ ਇਸ ਧਰਨੇ ਵਿੱਚ ਸ਼ਮੂਲੀਅਤ ਕਰਕੇ ਪੂਰਾ ਸਹਿਯੋਗ ਦਿੱਤਾ ਗਿਆ।
ਵਾਈਸ ਚਾਂਸਲਰ ਦਫ਼ਤਰ ਅੱਗੇ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਪੀਯੂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ, ਐੱਸਐੱਫਐੱਸ ਤੋਂ ਸੰਦੀਪ ਸਮੇਤ ਹੋਰ ਕਈ ਆਗੂਆਂ ਨੇ ਦੱਸਿਆ ਕਿ ਪੀਐੱਚਡੀ ਦੇ ਦਾਖ਼ਲੇ ਅਤੇ ਹੋਸਟਲ ਸੀਟਾਂ ਦੀ ਵੰਡ ਵਿੱਚ ਰਾਖਵਾਂਕਰਨ ਲਾਗੂ ਨਹੀਂ ਕੀਤਾ ਜਾ ਰਿਹਾ। ਪੀਯੂ ਅਥਾਰਿਟੀ ਨੇ ਕਈ ਵਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਹੱਲ ਕਰਨ ਦੇ ਵਾਅਦੇ ਕੀਤੇ ਪਰ ਹਕੀਕਤ ਵਿੱਚ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੀਯੂ ਨਾ ਸਿਰਫ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਨੂੰ ਰੋਕਦੀ ਹੈ, ਸਗੋਂ ਉਨ੍ਹਾਂ ਨੂੰ ਅੱਗੇ ਦੀ ਪੜ੍ਹਾਈ ਅਤੇ ਨੌਕਰੀ ਦੇ ਕਿਸੇ ਵੀ ਮੌਕੇ ਤੋਂ ਅਪਲਾਈ ਕਰਨ ਤੋਂ ਵੀ ਰੋਕਦਾ ਹੈ।
ਐਸੋਸੀਏਸ਼ਨ ਦੀ ਦੂਸਰੀ ਮੰਗ ਹਰਿਆਣਾ ਸਰਕਾਰ ਵੱਲੋਂ 14 ਦਸੰਬਰ 2021 ਨੂੰ ਪੰਜਾਬ ਯੂਨੀਵਰਸਿਟੀ ਨੂੰ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਪੀਐੱਮਐੱਸ ਸਕੀਮ ਨੂੰ ਲਾਗੂ ਕਰਨਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀਯੂ ਵਿੱਚ ਮੰਗ ਪੱਤਰ ਮੁਤਾਬਕ ਮੰਗਾਂ ਦਾ ਨਿਪਟਾਰਾ ਨਹੀਂ ਹੋ ਜਾਂਦਾ, ਉਦੋਂ ਤੱਕ ਵਾਈਸ ਚਾਂਸਲਰ ਦਫ਼ਤਰ ਅੱਗੇ ਪੱਕਾ ਧਰਨਾ ਜਾਰੀ ਰਹੇਗਾ।