ਆਨੰਦਪੁਰ ਦਾ ਇਜਲਾਸ: ਅਕੀਦਤ ਵੀ, ਸਿਆਸਤ ਵੀ
ਸਦਨ ’ਚ ਨੌਵੇਂ ਪਾਤਸ਼ਾਹ ਦੇ ਸੁਨੇਹਾ ਪ੍ਰਸਾਰਨ ਲਈ ਮਤਾ ਪਾਸ; ਕੇਂਦਰੀ ਹਕੂਮਤ ’ਤੇ ਨਿਸ਼ਾਨੇ ਸੇਧੇ
ਚਰਨਜੀਤ ਭੁੱਲਰ
ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਹੋਏ ਵਿਸ਼ੇਸ਼ ਇਜਲਾਸ ’ਚ ਸ਼ਰਧਾ ਤੇ ਰੂਹਾਨੀ ਉਤਸ਼ਾਹ ਦਰਮਿਆਨ ਸਿਆਸੀ ਰੰਗ ਵੀ ਉੱਘੜਿਆ। ਸਦਨ ’ਚ ਬੁਲਾਰਿਆਂ ਨੇ ਅਕੀਦਤ ਤੇ ਸਿਆਸਤ ਵਿਚਾਲੇ ਤਵਾਜ਼ਨ ਬਣਾ ਕੇ ਰੱਖਿਆ ਅਤੇ ਹਰ ਬੁਲਾਰੇ ਨੇ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸਿਜਦਾ ਕੀਤਾ।
ਸਦਨ ’ਚ ਬਹੁਤੇ ਬੁਲਾਰਿਆਂ ਨੇ ਨੌਵੇਂ ਪਾਤਸ਼ਾਹ ਦੇ ਫ਼ਲਸਫ਼ੇ ਦੇ ਹਵਾਲੇ ਨਾਲ ਕੇਂਦਰ ਨੂੰ ਸਿੱਧੇ ਤੌਰ ’ਤੇ ਨਿਸ਼ਾਨੇ ’ਤੇ ਰੱਖਿਆ। ਸੱਤਾਧਾਰੀ ਤੇ ਵਿਰੋਧੀ ਧਿਰ ਨੇ ਕੇਂਦਰ ਸਰਕਾਰ ਦੇ ਪੰਜਾਬ ’ਤੇ ਤਾਜ਼ਾ ਹੱਲਿਆਂ ਨੂੰ ਲੈ ਕੇ ਫ਼ਿਕਰ ਜ਼ਾਹਰ ਕੀਤੇ। ਇਜਲਾਸ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਵੇਂ ਸਿੱਖ ਗੁਰੂ ਦੀ ਸ਼ਹਾਦਤ, ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣ ਕਰਨ, ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਸਮਾਜ ਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਦਿੱਤੇ ਸੁਨੇਹੇ ਨੂੰ ਉਤਸ਼ਾਹਿਤ ਕਰਨ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਆਏ ਦਿਨ ਪੰਜਾਬ ਦੀ ਨਬਜ਼ ਟੋਹ ਰਿਹਾ ਹੈ ਤੇ ਸਰਕਾਰ ਪਾਣੀਆਂ, ਪੰਜਾਬ ਯੂਨੀਵਰਸਿਟੀ, ਰਾਜਧਾਨੀ ਤੇ ਆਰ ਡੀ ਐੱਫ ਦੇ ਬਕਾਏ ਆਦਿ ਮਾਮਲਿਆਂ ’ਤੇ ਪੰਜਾਬ ਨੂੰ ਘੇਰ ਰਹੀ ਹੈ, ਜਿਸ ਖ਼ਿਲਾਫ ਇੱਕਜੁਟ ਹੋ ਕੇ ਲੜਨਾ ਚਾਹੀਦਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ’ਚ ਅਕੀਦਤ ਭੇਟ ਕਰਦਿਆਂ ਦੇਸ਼ ’ਚ ਵਧ ਰਹੀ ਨਫ਼ਰਤ ਅਤੇ ਜਮਹੂਰੀਅਤ ਸਿਧਾਂਤਾਂ ਦੇ ਘਾਣ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਯੋਜਨਾਬੱਧ ਢੰਗ ਨਾਲ ਪੰਜਾਬ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੇ ਬੁਨਿਆਦੀ ਹਿੱਤਾਂ ਨੂੰ ਢਾਹ ਲਾਉਣ ਲਈ ਸਾਜ਼ਿਸ਼ਾਂ ਹੋ ਰਹੀਆਂ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਦੇ ਹੁਕਮਰਾਨ ਦੇਸ਼ ਨੂੰ ਫ਼ਿਰਕੂ ਲੀਹਾਂ ਤੇ ਵੰਡ ਰਹੇ ਹਨ ਜਦੋਂ ਕਿ ਪੰਜਾਬ ਸਰਕਾਰ ਅੱਜ ਇੱਥੇ ਸੈਸ਼ਨ ਕਰਕੇ ਧਰਮ ਨਿਰਪੱਖਤਾ ਦਾ ਸੁਨੇਹਾ ਦੇ ਰਹੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਇਨਸਾਫ਼ ਦੇ ਮਾਰਗ ਦੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਪ੍ਰਤਾਪ ਸਿੰਘ ਬਾਜਵਾ ਦੇ ਹਵਾਲੇ ਨਾਲ ਕਿਹਾ ਕਿ ਇਸ ਮੁਕੱਦਸ ਸਦਨ ’ਚ ਸਿਆਸਤ ਦੀ ਗੱਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜੰਗ ਲੜਨ ਦਾ ਸੱਦਾ ਦਿੱਤਾ। ਬਸਪਾ ਵਿਧਾਇਕ ਡਾ. ਨਛੱਤਰਪਾਲ ਨੇ ਰੋਪੜ ਜ਼ਿਲ੍ਹੇ ਦਾ ਨਾਮ ਗੁਰੂ ਤੇਗ਼ ਬਹਾਦਰ ਦੇ ਨਾਮ ’ਤੇ ਜਾਂ ਸ੍ਰੀ ਆਨੰਦਪੁਰ ਸਾਹਿਬ ਰੱਖਣ ਦਾ ਮਸ਼ਵਰਾ ਦਿੱਤਾ। ਇਜਲਾਸ ’ਚ ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਮਨਵਿੰਦਰ ਸਿੰਘ ਗਿਆਸਪੁਰਾ, ਮਨਜੀਤ ਸਿੰਘ ਬਿਲਾਸਪੁਰ, ਇੰਦਰਜੀਤ ਕੌਰ ਮਾਨ ਨੇ ਵੀ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਬੰਦੀ ਸਿੰਘਾਂ ਦੀ ਰਿਹਾਈ ਹੋਵੇ: ਇਆਲੀ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਨੰਦਪੁਰ ਸਾਹਿਬ ਦੇ ਮਤੇ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ ਕੇਂਦਰ ਡਾਕਾ ਮਾਰ ਰਿਹਾ ਹੈ ਤੇ ਪੰਜਾਬ ਤੋਂ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਣੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ।

