ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਬਲਾਕ ਮੋਰਿੰਡਾ ਦੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੇ ਮੋਰਿੰਡਾ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵੀ ਸੌਂਪਿਆ।
ਬਲਾਕ ਪ੍ਰਧਾਨ ਹਰਬੰਸ ਕੌਰ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਨੇਕ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਜਿਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਇਸ ਸਬੰਧੀ ਉਨ੍ਹਾਂ ਦੀ ਜਥੇਬੰਦੀ ਨੂੰ ਗੱਲਬਾਤ ਕਰਨ ਲਈ ਕੋਈ ਸਮਾਂ ਦਿੱਤਾ ਜਾ ਰਿਹਾ ਹੈ।
ਹਰਬੰਸ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ’ਤੇ ਆਂਗਨਵਾੜੀ ਵਰਕਰ ਨੂੰ ਅਧਿਆਪਕ ਦਾ ਦਰਜਾ ਦੇਣ ਦੀ ਮੰਗ ਸ਼ਾਮਲ ਹੈ। ਆਂਗਨਵਾੜੀ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ, ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮਾਵਾਂ ਧੀਆਂ ਸਤਿਕਾਰ ਯੋਜਨਾ ਵਿੱਚ ਕੰਮ ਲੈਣ ਵਾਸਤੇ ਆਂਗਨਵਾੜੀ ਵਰਕਰ ਨੂੰ 200 ਰੁਪਏ ਅਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਨਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਜਿਵੇਂ ਜਨਗਣਨਾ, ਆਰਥਿਕ ਸਰਵੇ ਅਤੇ ਡਰੱਗ ਸਰਵੇ ਬੰਦ ਕੀਤੇ ਜਾਣ।

