ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 31 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਅੱਜ ਮੁਹਾਲੀ ਰੇਲਵੇ ਸਟੇਸ਼ਨ ’ਤੇ ਰੋਸ ਪ੍ਰਦਰਸ਼ਨ ਕੀਤਾ ਜਿਸ ਕਾਰਨ ਸ਼ਾਮ ਤੱਕ ਰੇਲ ਆਵਾਜਾਈ ਠੱਪ ਰਹੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਨੀਆਂ ਮੰਗਾਂ, ਜਿਨ੍ਹਾਂ ਵਿੱਚ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਕਾਨੂੰਨ ਬਣਾਉਣ, ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ, ਸੰਘਰਸ਼ ਦੌਰਾਨ ਕਿਸਾਨਾਂ ’ਤੇ ਦਰਜ ਪੁਲੀਸ ਕੇਸ ਵਾਪਸ ਲੈਣ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸ਼ਾਮਲ ਹਨ, ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੀ ਆ ਰਹੀ ਹੈ।
ਕਿਸਾਨਾਂ ਨੇ ਕਿਹਾ ਕਿ ਐੱਮਐੱਸਪੀ ਬਾਰੇ ਵਿਸ਼ੇਸ਼ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਨਾ ਕਰਨ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਮੰਨੀਆਂ ਮੰਗਾਂ ਤੁਰੰਤ ਲਾਗੂ ਨਹੀਂ ਕੀਤੀਆਂ ਗਈਆਂ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਵਿਰੁੱਧ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਮੀਤ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਕਿਸਾਨ ਯੂਨੀਅਨ (ਕਾਦੀਆਂ) ਦੇ ਜਨਰਲ ਸਕੱਤਰ ਕਮਲਜੀਤ ਸਿੰਘ ਲਾਂਡਰਾਂ, ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਜਗਜੀਤ ਸਿੰਘ ਅਤੇ ਸੀਨੀਅਰ ਆਗੂ ਅੰਗਰੇਜ਼ ਸਿੰਘ, ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਦਰਸ਼ਨ ਸਿੰਘ ਦੁਰਾਲੀ, ਕਿਸਾਨ ਯੂਨੀਅਨ (ਚੜੂਨੀ) ਦੇ ਸਲਾਹਕਾਰ ਅਮਰਿੰਦਰ ਸਿੰਘ ਹਾਜ਼ਰ ਸਨ।
ਲਾਲੜੂ (ਸਰਬਜੀਤ ਸਿੰਘ ਭੱਟੀ): ਭਾਰਤੀ ਕਿਸਾਨ ਯੁੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਰਾਜੇਵਾਲ ਅਤੇ ਕੁੱਲ ਹਿੰਦ ਕਿਸਾਨ ਮੋਰਚੇ ਵੱਲੋਂ ਅੱਜ ਰੇਲ ਰੋਕੋ ਪ੍ਰੋਗਰਾਮ ਤਹਿਤ ਲਾਲੜੂ ਅਤੇ ਦੱਪਰ ਵਿੱਚ ਧਰਨੇ ਦਿੱਤੇ ਗਏ। ਇਸ ਮੌਕੇ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਕਿਸਾਨ ਅੰਦੋਲਨ ਦੌਰਾਨ ਹੋਏ ਸ਼ਹੀਦ ਕਿਸਾਨਾਂ ਨੂੰ ਯਾਦ ਕੀਤਾ ਗਿਆ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਢੋਲਾਂ, ਰਾਜੇਵਾਲ ਜੱਥੇਬੰਦੀ ਦੇ ਬਲਾਕ ਪ੍ਰਧਾਨ ਕਰਮ ਸਿੰਘ ਕਾਰਕੌਰ, ਭਾਰਤੀ ਕਿਸਾਨ ਮੋਰਚੇ ਤੋਂ ਐਡਵੋਕੇਟ ਜਸਪਾਲ ਸਿੰਘ ਦੱਪਰ, ਕਾਦੀਆਂ ਜੱਥੇਬੰਦੀ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸਾਧਾਂਪੁਰ, ਜਨਰਲ ਸਕੱਤਰ ਕਮਲਜੀਤ ਸਿੰਘ ਢੀਂਡਸਾ, ਭਾਰਤੀ ਕਿਸਾਨ ਯੁੂਨੀਅਨ ਲੱਖੋਵਾਲ ਦੇ ਸੂਬਾਈ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ, ਬਲਾਕ ਪ੍ਰਧਾਨ ਕਰਮ ਸਿੰਘ ਬਰੌਲੀ ਨੇ ਭਾਜਪਾ ਸਰਕਾਰ ਦੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ 11 ਵਜੇ ਤੋਂ 3 ਵਜੇ ਤੱਕ ਰੇਲਾਂ ਰੋਕੀਆਂ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਐੱਮਐੱਸਪੀ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੁੂੰ ਸ਼ਾਮਲ ਕਰੇ, ਲਖੀਮਪੁਰੀ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਅਗਨੀਪੱਥ ਯੋਜਨਾ ਵਾਪਸ ਲਈ ਜਾਵੇ।
ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਚੰਡੀਗੜ੍ਹ (ਕੁਲਦੀਪ ਸਿੰਘ): ਇਥੇ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਸਥਾਨਕ ਪ੍ਰਧਾਨ ਕੁਲਦੀਪ ਕੁੰਡੂ ਦੀ ਅਗਵਾਈ ਹੇਠ ਕਿਸਾਨਾਂ ਨੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਸਾਨ ਮਜ਼ਦੂਰ ਏਕਤਾ ਦਾ ਸੁਨੇਹਾ ਦਿੱਤਾ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਐੱਸ.ਡੀ.ਐੱਮ. ਨੂੰ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕੁਲਦੀਪ ਕੁੰਡੂ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਗੁਰਦਿਆਲ ਸਿੰਘ, ਪ੍ਰਧਾਨ ਦਲਜੀਤ ਸਿੰਘ ਪਲਸੌਰਾ ਨੰਬਰਦਾਰ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਚੰਡੀਗੜ੍ਹ ਪੰਜਾਬੀ ਮੰਚ ਤੋਂ ਦੇਵੀ ਦਿਆਲ ਸ਼ਰਮਾ, ਭਾਰਤੀ ਕਿਸਾਨ ਯੂਨੀਅਨ ਤੋਂ ਦੀਪ ਸਿੰਘ, ਸਰਵੇਸ਼ ਯਾਦਵ ਨੇ ਕਿਹਾ ਕਿ ਐੱਮਐੱਸਪੀ ਗਾਰੰਟੀ ਕਾਨੂੰਨ ਲਈ ਬਣਾਈ ਗਈ ਕਮੇਟੀ ਉੱਤੇ ਕਿਸਾਨਾਂ ਨੂੰ ਭਰੋਸਾ ਨਹੀਂ ਹੈ ਤੇ ਇਸ ਸਬੰਧੀ ਠੋਸ ਕਾਰਵਾਈ ਕੀਤੀ ਜਾਏ ਅਤੇ ਸਵਾਮੀਨਾਥਨ ਰਿਪੋਰਟ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸੇ ਦੌਰਾਨ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਨ ਅਤੇ ਕਿਸਾਨੀ ਸੰਘਰਸ਼ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਗਈ।